
ਮਾਨਸਾ, 10 ਜੁਲਾਈ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਮਾਨਸਾ ਪੁਲਿਸ ਨੇ ‘ਆਪ੍ਰੇਸ਼ਨ ਪ੍ਰਹਾਰ-3’ ਦੇ ਅਧੀਨ ਜ਼ਿਲ੍ਹਾ ਭਰ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਪੁਲਿਸ ਨੇ 35 ਮਾਮਲੇ ਦਰਜ ਕਰਕੇ 200 ਤੋਂ ਵੱਧ ਅਸਮਾਜਿਕ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਐਸਐਸਪੀ ਮਾਨਸਾ ਭਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਲਈ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਮੁਹਿੰਮ ਦੌਰਾਨ ਕਰੀਬ 200 ਅਸਮਾਜਿਕ ਅਨਸਰਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ 35 ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦੌਰਾਨ 6 ਭਗੌੜੇ ਕਰਾਰ ਦਿੱਤੇ ਜਾ ਚੁੱਕੇ ਮੁਲਜ਼ਮਾਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਐਸਐਸਪੀ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਦਰਜ 32 ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਕਰੀਬ 80 ਗ੍ਰਾਮ ਹੈਰੋਇਨ ਅਤੇ 300 ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਹਨ।ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਜਾਂ ਕਿਸੇ ਵੀ ਅਪਰਾਧੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH