
ਫਾਜ਼ਿਲਕਾ, 10 ਜੁਲਾਈ (ਹਿੰ.ਸ.)| ਫਾਜ਼ਿਲਕਾ ਦੀ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ (ਆਈਏਐਸ) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਪੁਰਾਣੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਅਗਸਤ 2026 ਤੱਕ ਲਾਗੂ ਰਹਿਣਗੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ ਵਿੱਚ ਗਾਹਕਾਂ ਨੂੰ ਹੁੱਕਾ ਪਰੋਸਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਅੰਤਰਰਾਸ਼ਟਰੀ ਸਰਹੱਦੀ ਖੇਤਰ ਨਾਲ ਲੱਗਦੇ 4 ਕਿਲੋਮੀਟਰ ਦੇ ਦਾਇਰੇ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਜਾਂ ਵਰਤਣ ਅਤੇ ਕਵਾਡਕਾਪਟਰ, ਡਰੋਨ ਜਾਂ ਡਰੋਨ ਕੈਮਰੇ ਉਡਾਉਣ 'ਤੇ ਵੀ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਦੌਰਾਨ ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਆਉਣ ਅਤੇ ਹਵਾਈ ਫਾਇਰਿੰਗ ਕਰਨ 'ਤੇ ਵੀ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ ਸਰਹੱਦੀ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜ਼ਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ਕਰਨ ਦੀ ਮਨਾਹੀ ਕੀਤੀ ਗਈ ਹੈ।
ਹੁਕਮਾਂ ਵਿੱਚ ਜ਼ਿਲ੍ਹੇ ਅੰਦਰ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਵਰਤੋਂ 'ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੂਰਜ ਡੁੱਬਣ ਤੋਂ ਬਾਅਦ ਅਤੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ 'ਤੇ ਰੋਕ ਲਗਾਈ ਗਈ ਹੈ। ਜਿਨ੍ਹਾਂ ਵਿਅਕਤੀਆਂ ਕੋਲ ਗਊਵੰਸ਼ ਹੈ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ 'ਤੇ ਆਮ ਲੋਕਾਂ ਜਾਂ ਪ੍ਰਦਰਸ਼ਨਕਾਰੀਆਂ ਦੇ ਚੜ੍ਹਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਨਾਲ ਹੀ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਥਾਵਾਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਜਾਂ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH