
ਅੰਮ੍ਰਿਤਸਰ, 10 ਜੁਲਾਈ (ਹਿੰ.ਸ.)| ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਕਥਿਤ ਵਧੀਕੀਆਂ 'ਤੇ ਆਧਾਰਿਤ ਫ਼ਿਲਮ 'ਸਤਲੁਜ' 'ਤੇ ਲੱਗੀ ਪਾਬੰਦੀ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ। ਰੋਸ ਮਾਰਚ ਦੀ ਅਗਵਾਈ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਸ੍ਰੀ ਹਰਿਮੰਦਰ ਸਾਹਿਬ ਸਥਿਤ ਸੂਚਨਾ ਕੇਂਦਰ ਤੋਂ ਸ਼ੁਰੂ ਹੋਇਆ ਇਹ ਮਾਰਚ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਪਹੁੰਚਿਆ। ਇਸ ਵਿੱਚ ਐੱਸਜੀਪੀਸੀ ਮੈਂਬਰਾਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹੱਥਾਂ ਵਿੱਚ ਬੈਨਰ ਫੜ ਕੇ ਨਾਅਰੇਬਾਜ਼ੀ ਕਰਦਿਆਂ ਹਿੱਸਾ ਲਿਆ।ਡੀਸੀ ਦਫ਼ਤਰ ਪਹੁੰਚਣ ਉਪਰੰਤ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਗਿਆ, ਜਿਸ ਵਿੱਚ ਫ਼ਿਲਮ 'ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਕੀਤੀ ਗਈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਰੋਸ ਮਾਰਚ ਤੋਂ ਬਾਅਦ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਅਰਦਾਸ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇੱਕ ਸੰਵੇਦਨਸ਼ੀਲ ਦੌਰ ਦੀ ਸੱਚਾਈ ਸਾਹਮਣੇ ਲਿਆਉਣ ਦਾ ਯਤਨ ਕੀਤਾ ਸੀ ਅਤੇ ਇਸ ਦੀ ਕੀਮਤ ਉਨ੍ਹਾਂ ਨੇ ਆਪਣੀ ਜਾਨ ਦੇ ਕੇ ਚੁਕਾਈ। ਉਨ੍ਹਾਂ ਦੱਸਿਆ ਕਿ ਸੈਂਸਰ ਬੋਰਡ ਦੀਆਂ ਆਪਤੀਆਂ ਤੋਂ ਬਾਅਦ ਫ਼ਿਲਮ ਨੂੰ 'ਸਤਲੁਜ' ਨਾਮ ਨਾਲ ਤਿਆਰ ਕੀਤਾ ਗਿਆ ਸੀ, ਪਰ ਹੁਣ ਇਸ ਦੇ ਪ੍ਰਦਰਸ਼ਨ 'ਤੇ ਵੀ ਰੋਕ ਲਾ ਦਿੱਤੀ ਗਈ ਹੈ।ਧਾਮੀ ਨੇ ਕਿਹਾ ਕਿ 1995 ਦੇ ਦੌਰ ਨੂੰ ਦੇਖਣ ਵਾਲੇ ਹੀ ਉਸ ਸਮੇਂ ਦੇ ਹਾਲਾਤਾਂ ਨੂੰ ਸਮਝ ਸਕਦੇ ਹਨ, ਜਦਕਿ ਅੱਜ ਦੀ ਨਵੀਂ ਪੀੜ੍ਹੀ ਉਸ ਇਤਿਹਾਸ ਤੋਂ ਅਣਜਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ਼ ਇੱਕ ਫ਼ਿਲਮ ਦਾ ਨਹੀਂ, ਸਗੋਂ ਇਤਿਹਾਸ ਅਤੇ ਸੱਚਾਈ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਲੋਕਤੰਤਰੀ ਤਰੀਕੇ ਨਾਲ ਇਸ ਪਾਬੰਦੀ ਦਾ ਵਿਰੋਧ ਕਰ ਰਹੀ ਹੈ ਅਤੇ ਸਰਕਾਰ ਤੋਂ ਫ਼ਿਲਮ ਦੇ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਦੀ ਮੰਗ ਕਰਦੀ ਹੈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦਾ ਮੁੱਦਾ ਵੀ ਉਠਾਇਆ ਅਤੇ ਸਰਕਾਰ ਨੂੰ ਇਸ ਸਬੰਧੀ ਉਚਿਤ ਫ਼ੈਸਲਾ ਲੈਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH