
ਅੰਮ੍ਰਿਤਸਰ, 10 ਜੁਲਾਈ (ਹਿੰ.ਸ.)| ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ-2026 ਮੁਹਿੰਮ ਤਹਿਤ 11 ਅਤੇ 12 ਜੁਲਾਈ ਨੂੰ ਵਿਧਾਨ ਸਭਾ ਹਲਕਾ 018 ਅੰਮ੍ਰਿਤਸਰ ਪੂਰਬੀ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਯੋਗ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਅਤੇ 12 ਜੁਲਾਈ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਹਰ ਪੋਲਿੰਗ ਬੂਥ 'ਤੇ ਬੂਥ ਲੈਵਲ ਅਫ਼ਸਰ (ਬੀਐਲਓ) ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਗਣਨਾ ਫਾਰਮ ਭਰਨ, ਵੇਰਵਿਆਂ ਦੀ ਤਸਦੀਕ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਜਮ੍ਹਾਂ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕਰਨਗੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੇ ਨਾਮ ਪਹਿਲਾਂ ਹੀ ਵੋਟਰ ਸੂਚੀ ਵਿੱਚ ਦਰਜ ਹਨ, ਉਹ ਵੀ ਆਪਣੇ ਵੇਰਵਿਆਂ ਦੀ ਪੁਸ਼ਟੀ ਅਤੇ ਅਪਡੇਟ ਲਈ ਗਣਨਾ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ। ਇਸ ਤੋਂ ਇਲਾਵਾ, ਜਿਨ੍ਹਾਂ ਯੋਗ ਨਾਗਰਿਕਾਂ ਦੇ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹਨ, ਉਹ ਵੀ ਲੋੜੀਂਦੇ ਦਸਤਾਵੇਜ਼ਾਂ ਨਾਲ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਸਬੰਧੀ ਮਾਰਗਦਰਸ਼ਨ ਪ੍ਰਾਪਤ ਕਰ ਸਕਦੇ ਹਨ।
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਰੀਜਨਲ ਟਰਾਂਸਪੋਰਟ ਅਫ਼ਸਰ ਹਤੇਸ਼ ਵੀਰ ਗੁਪਤਾ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਵੋਟਰ ਸੂਚੀ ਨੂੰ ਸਹੀ, ਅਪਡੇਟ ਅਤੇ ਸਮਾਵੇਸ਼ੀ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਗੁਆਂਢੀਆਂ ਅਤੇ ਹੋਰ ਯੋਗ ਵੋਟਰਾਂ ਨੂੰ ਵੀ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ, ਤਾਂ ਜੋ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH