ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 33 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਪਹੁੰਚੇ ₹1,147 ਕਰੋੜ: ਡਾ. ਬਲਜੀਤ ਕੌਰ
ਚੰਡੀਗੜ੍ਹ, 11 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ₹1,147 ਕਰੋੜ ਦੀ ਰਕਮ ਸਿੱਧੀ ਡਾਇਰੈਕਟ ਬੈਨਿਫਿਟ ਟ੍ਰਾਂਸਫਰ ਰਾਹੀਂ ਜਮ੍ਹਾਂ ਕਰਵਾਈ ਗਈ ਹੈ। ਸਰਕਾਰ ਮੁਤਾਬਕ, ਇਹ ਰਕਮ ਪੂਰੀ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 11 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ₹1,147 ਕਰੋੜ ਦੀ ਰਕਮ ਸਿੱਧੀ ਡਾਇਰੈਕਟ ਬੈਨਿਫਿਟ ਟ੍ਰਾਂਸਫਰ ਰਾਹੀਂ ਜਮ੍ਹਾਂ ਕਰਵਾਈ ਗਈ ਹੈ। ਸਰਕਾਰ ਮੁਤਾਬਕ, ਇਹ ਰਕਮ ਪੂਰੀ ਪਾਰਦਰਸ਼ਤਾ ਨਾਲ ਯੋਗ ਲਾਭਪਾਤਰੀਆਂ ਤੱਕ ਪਹੁੰਚਾਈ ਗਈ ਹੈ।ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕੁੱਲ ₹4,500 ਦੀ ਸਹਾਇਤਾ ਦਿੱਤੀ ਗਈ ਹੈ, ਜਦਕਿ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ ₹1,000 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਕਿਸ਼ਤਾਂ ਵਿੱਚ ਕੁੱਲ ₹3,000 ਦੀ ਰਕਮ ਪ੍ਰਦਾਨ ਕੀਤੀ ਗਈ ਹੈ।ਇਹ ਪਹਿਲੀ ਕਿਸ਼ਤ ਉਨ੍ਹਾਂ ਮਹਿਲਾਵਾਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ਸਰਕਾਰ ਅਨੁਸਾਰ, ਯੋਜਨਾ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਨਵੇਂ ਰਜਿਸਟਰ ਹੋਣ ਵਾਲੇ ਲਾਭਪਾਤਰੀਆਂ ਨੂੰ ਅਗਲੀ ਕਿਸ਼ਤ ਤੋਂ ਰਕਮ ਮਿਲਣੀ ਸ਼ੁਰੂ ਹੋਵੇਗੀ।ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਦੀ ਸਫ਼ਲ ਅਦਾਇਗੀ ਦਰਸਾਉਂਦੀ ਹੈ ਕਿ ਸਰਕਾਰ ਹਰ ਯੋਗ ਮਹਿਲਾ ਤੱਕ ਵਿੱਤੀ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਯੋਜਨਾ ਦਾ ਮਹਿਲਾਵਾਂ ਨੂੰ ਮਿਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਯੋਜਨਾਵਾਂ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਵਿਧਵਾ ਪੈਨਸ਼ਨ, ਦਿਵਿਆਂਗ ਪੈਨਸ਼ਨ ਜਾਂ ਬੁਢਾਪਾ ਪੈਨਸ਼ਨ ਲੈ ਰਹੀਆਂ ਮਹਿਲਾਵਾਂ ਨੂੰ ਇਹ ਸਹੂਲਤਾਂ ਪਹਿਲਾਂ ਦੀ ਤਰ੍ਹਾਂ ਮਿਲਦੀਆਂ ਰਹਿਣਗੀਆਂ।ਗੁਰਦਾਸਪੁਰ ਦੀ ਕੁਲਦੀਪ ਕੌਰ ਸਮੇਤ ਕਈ ਲਾਭਪਾਤਰੀ ਮਹਿਲਾਵਾਂ ਨੇ ਕਿਹਾ ਕਿ ਇਹ ਸਹਾਇਤਾ ਉਨ੍ਹਾਂ ਲਈ ਆਤਮਨਿਰਭਰਤਾ ਅਤੇ ਸਨਮਾਨ ਦਾ ਅਹਿਸਾਸ ਲੈ ਕੇ ਆਈ ਹੈ। ਉਨ੍ਹਾਂ ਦੱਸਿਆ ਕਿ ਆਪਣੇ ਬੈਂਕ ਖਾਤੇ ਵਿੱਚ ਸਿੱਧੀ ਰਕਮ ਆਉਣ ਨਾਲ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਮਿਲੀ ਹੈ।ਸੰਗਰੂਰ ਦੀ ਵਿਧਵਾ ਕਿਰਨ ਅਤੇ ਗੁਰਦਾਸਪੁਰ ਦੀ ਦਿਹਾੜੀਦਾਰ ਮਜ਼ਦੂਰ ਰੀਤਾ ਨੇ ਵੀ ਇਸ ਯੋਜਨਾ ਨੂੰ ਆਪਣੇ ਪਰਿਵਾਰਾਂ ਲਈ ਵੱਡਾ ਸਹਾਰਾ ਦੱਸਿਆ। ਉਨ੍ਹਾਂ ਕਿਹਾ ਕਿ ਮਿਲੀ ਆਰਥਿਕ ਮਦਦ ਨਾਲ ਉਹ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਮਰੱਥ ਹੋਣਗੀਆਂ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਯੋਜਨਾ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande