ਪਟਿਆਲਾ 'ਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਲਰਟ, ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ
ਪਟਿਆਲਾ, 11 ਜੁਲਾਈ (ਹਿੰ.ਸ.)| ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਰੇਨੇਜ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ
ਡਰੇਨੇਜ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦੇ ਹੋੇਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ।


ਪਟਿਆਲਾ, 11 ਜੁਲਾਈ (ਹਿੰ.ਸ.)| ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਰੇਨੇਜ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਪੱਸ਼ਟ ਕੀਤਾ ਕਿ ਹੜ੍ਹ ਸੁਰੱਖਿਆ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ 'ਤੇ ਅਚਨਚੇਤ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੁਤਾਹੀ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੀਆਂ ਕੁਝ ਤਿਆਰੀਆਂ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਹਦਾਇਤ ਦਿੱਤੀ ਕਿ ਡਰੇਨਾਂ, ਨਦੀਆਂ ਅਤੇ ਨਾਲਿਆਂ ਦੀ ਸਫ਼ਾਈ ਦੇ ਕੰਮ ਦਾ ਆਡਿਟ ਕਰਵਾਇਆ ਜਾਵੇ। ਉਨ੍ਹਾਂ ਨਗਰ ਨਿਗਮ, ਸਮੂਹ ਐਸਡੀਐਮ ਅਤੇ ਕਾਰਜ ਸਾਧਕ ਅਧਿਕਾਰੀਆਂ ਨੂੰ ਆਪਣੇ ਖੇਤਰਾਂ ਵਿੱਚ ਮਸ਼ੀਨਰੀ ਅਤੇ ਕਰਮਚਾਰੀਆਂ ਨੂੰ ਹਰ ਵੇਲੇ ਤਿਆਰ ਰੱਖਣ ਦੇ ਨਿਰਦੇਸ਼ ਵੀ ਦਿੱਤੇ।ਡਰੇਨੇਜ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਵੱਡੀ ਨਦੀ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਘੱਗਰ ਸਮੇਤ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਮਿੱਟੀ ਨਾਲ ਭਰੇ ਈਸੀ ਬੈਗ ਪਹਿਲਾਂ ਹੀ ਰੱਖੇ ਜਾ ਰਹੇ ਹਨ। ਇਸ ਤੋਂ ਇਲਾਵਾ ਵਾਧੂ ਬੈਗ ਵੀ ਲੋੜ ਪੈਣ 'ਤੇ ਵਰਤੋਂ ਲਈ ਰਣਨੀਤਕ ਥਾਵਾਂ 'ਤੇ ਸਟੋਰ ਕੀਤੇ ਗਏ ਹਨ।ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦਾ ਇੱਕ ਵਟਸਐਪ ਨੰਬਰ ਜਲਦ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਲੋਕ ਆਪਣੇ ਇਲਾਕੇ ਵਿੱਚ ਪਾਣੀ ਭਰਨ ਜਾਂ ਹੜ੍ਹ ਵਰਗੀ ਸਥਿਤੀ ਸਬੰਧੀ ਫੋਟੋ, ਵੀਡੀਓ ਅਤੇ ਲੋਕੇਸ਼ਨ ਸਮੇਤ ਜਾਣਕਾਰੀ ਸਾਂਝੀ ਕਰ ਸਕਣਗੇ ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਪਾਣੀ ਖੜ੍ਹਨ ਵਾਲੇ ਹੌਟਸਪਾਟਾਂ ਦੀ ਪਛਾਣ ਕਰਕੇ ਨਿਕਾਸੀ ਪ੍ਰਬੰਧ, ਸੀਵਰੇਜ ਦੀ ਸਫ਼ਾਈ ਅਤੇ ਐਮਰਜੈਂਸੀ ਸਾਜ਼ੋ-ਸਾਮਾਨ ਜਿਵੇਂ ਕਿਸ਼ਤੀਆਂ, ਰੱਸੇ, ਟਾਰਚਾਂ, ਦਵਾਈਆਂ, ਤਰਪਾਲਾਂ ਅਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਘੱਗਰ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਕੰਮਾਂ ਦੀ ਸਮੀਖਿਆ ਵੀ ਕੀਤੀ ਅਤੇ ਬਾਕੀ ਰਹਿੰਦੇ ਸਾਰੇ ਕੰਮ 15 ਦਿਨਾਂ ਵਿੱਚ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande