
ਅੰਮ੍ਰਿਤਸਰ, 11 ਜੁਲਾਈ (ਹਿੰ.ਸ.)| ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਐਨਡੀਪੀਐਸ ਐਕਟ ਅਧੀਨ ਦਰਜ 280 ਮਾਮਲਿਆਂ ਵਿੱਚ ਜ਼ਬਤ ਕੀਤੇ ਨਸ਼ੀਲੇ ਪਦਾਰਥ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਨਸ਼ਟ ਕਰ ਦਿੱਤੇ। ਇਹ ਕਾਰਵਾਈ ਖੰਨਾ ਪੇਪਰ ਮਿਲ ਵਿੱਚ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ ਕੀਤੀ ਗਈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਨਾਲ-ਨਾਲ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਟ ਕੀਤੇ ਗਏ ਪਦਾਰਥਾਂ ਵਿੱਚ 12.9 ਕਿਲੋਗ੍ਰਾਮ ਹੈਰੋਇਨ, ਲੱਖਾਂ ਨਸ਼ੀਲੇ ਕੈਪਸੂਲ ਅਤੇ ਗੋਲੀਆਂ, 4.38 ਲੱਖ ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ, 12 ਕਿਲੋਗ੍ਰਾਮ ਪੋਸਤ, 3.15 ਕਿਲੋਗ੍ਰਾਮ ਸਮੈਕ ਦੇ ਨਾਲ-ਨਾਲ ਚਰਸ, ਗਾਂਜਾ, ਭੰਗ ਅਤੇ ਹੋਰ ਮਾਦਕ ਪਦਾਰਥ ਸ਼ਾਮਲ ਸਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਪੰਜਾਬ ਪੁਲਿਸ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਇਸ ਦੇ ਬਾਵਜੂਦ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਗਾਤਾਰ ਕਾਰਵਾਈ ਕਰਦਿਆਂ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।
ਉਨ੍ਹਾਂ ਦੱਸਿਆ ਕਿ 1 ਜਨਵਰੀ 2026 ਤੋਂ ਹੁਣ ਤੱਕ ਕੁੱਲ 2,176 ਐਨਡੀਪੀਐਸ ਮਾਮਲਿਆਂ ਵਿੱਚ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਨਾਲ ਪੁਲਿਸ ਥਾਣਿਆਂ ਅਤੇ ਮਾਲਖਾਨਿਆਂ ਵਿੱਚ ਜਗ੍ਹਾ ਖਾਲੀ ਹੋਈ ਹੈ ਅਤੇ ਭਵਿੱਖ ਵਿੱਚ ਜ਼ਬਤ ਕੀਤੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਸਹੂਲਤ ਮਿਲੇਗੀ।
ਇਹ ਪੂਰੀ ਕਾਰਵਾਈ ਡਰੱਗ ਡਿਸਪੋਜ਼ਲ ਕਮੇਟੀ ਦੇ ਚੇਅਰਮੈਨ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ, ਏਡੀਸੀਪੀ ਇਨਵੈਸਟੀਗੇਸ਼ਨ ਜਗਵਿੰਦਰ ਸਿੰਘ, ਏਸੀਪੀ ਡਿਟੈਕਟਿਵ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਾਨੂੰਨੀ ਪ੍ਰੋਟੋਕਾਲ ਅਨੁਸਾਰ ਕੀਤੀ ਗਈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH