
ਜਲੰਧਰ, 11 ਜੁਲਾਈ (ਹਿੰ.ਸ.)| ਜਲੰਧਰ ਦੇ ਨਕੋਦਰ ਰੋਡ ਸਥਿਤ ਪਿੰਡ ਸਿੰਘਾ ਦੇ ਪੈਟਰੋਲ ਪੰਪ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਨੌਜਵਾਨ ਪਿੰਡ ਸਿੰਘਾ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਲਾਂਬੜਾ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਮੋਟਰਸਾਈਕਲ ਅੱਗੇ ਜਾ ਰਹੀ ਇੱਕ ਆਰਟਿਗਾ ਕਾਰ ਨਾਲ ਪਿੱਛੋਂ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਵਿਕਾਸ (19 ਸਾਲ) ਵਜੋਂ ਹੋਈ ਹੈ, ਜਦਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਦੂਜੇ ਨੌਜਵਾਨ ਦੀ ਪਛਾਣ ਅਭਿਸ਼ੇਕ (15 ਸਾਲ) ਵਜੋਂ ਹੋਈ ਹੈ। ਅਭਿਸ਼ੇਕ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪਿੰਡ ਸਿੰਘਾ ਦੇ ਪੰਚਾਇਤ ਮੈਂਬਰ ਜਿੰਦਾ ਨੇ ਦੱਸਿਆ ਕਿ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨ ਉਨ੍ਹਾਂ ਦੇ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਪੁਲਿਸ ਬਲ ਨੇ ਮੌਕੇ 'ਤੇ ਪਹੁੰਚ ਕੇ ਰਸਤਾ ਖੁਲਵਾਇਆ, ਜਦਕਿ ਥਾਣਾ ਲਾਂਬੜਾ ਦੀ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH