ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਨੇ ਧਾਰਮਿਕ ਸਮਾਗਮਾਂ, ਵਿਆਹਾਂ ਤੇ ਜਲੂਸਾਂ ਦੌਰਾਨ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਲਗਾਈ ਪਾਬੰਦੀ
ਫਾਜ਼ਿਲਕਾ, 11 ਜੁਲਾਈ (ਹਿੰ.ਸ.)| ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਧਾਰਮਿਕ ਸਮਾਗਮਾਂ, ਵਿਆਹ ਸਮਾਗਮਾਂ, ਜਲੂਸਾਂ ਅਤੇ ਹੋਰ ਜਨਤਕ ਇਕੱਠਾਂ ਦੌਰਾਨ ਹਥਿਆਰਾਂ ਦੇ ਪ੍ਰਦਰਸ਼ਨ ''ਤੇ ਪਾ
ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ


ਫਾਜ਼ਿਲਕਾ, 11 ਜੁਲਾਈ (ਹਿੰ.ਸ.)| ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਧਾਰਮਿਕ ਸਮਾਗਮਾਂ, ਵਿਆਹ ਸਮਾਗਮਾਂ, ਜਲੂਸਾਂ ਅਤੇ ਹੋਰ ਜਨਤਕ ਇਕੱਠਾਂ ਦੌਰਾਨ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਦੀ ਹੱਦ ਅੰਦਰ ਕਿਸੇ ਮੇਲੇ, ਧਾਰਮਿਕ ਸਮਾਗਮ, ਵਿਆਹ, ਜਲੂਸ ਜਾਂ ਹੋਰ ਇਕੱਠ ਵਿੱਚ ਤਿੱਖੇ ਧਾਰ ਵਾਲੇ ਹਥਿਆਰਾਂ ਸਮੇਤ ਕਿਸੇ ਵੀ ਕਿਸਮ ਦਾ ਹਥਿਆਰ ਲੈ ਕੇ ਨਹੀਂ ਜਾ ਸਕੇਗਾ ਅਤੇ ਨਾ ਹੀ ਜਨਤਕ ਥਾਵਾਂ 'ਤੇ ਹਥਿਆਰਾਂ ਨੂੰ ਲਹਿਰਾ ਜਾਂ ਪ੍ਰਦਰਸ਼ਿਤ ਕਰ ਸਕੇਗਾ। ਇਹ ਪਾਬੰਦੀ ਵਿਦਿਅਕ ਅਦਾਰਿਆਂ ਦੇ ਘੇਰੇ ਵਿੱਚ ਵੀ ਲਾਗੂ ਰਹੇਗੀ।

ਹਾਲਾਂਕਿ ਇਹ ਹੁਕਮ ਹਥਿਆਰਬੰਦ ਸੈਨਾਵਾਂ, ਪੁਲਿਸ, ਹੋਮ ਗਾਰਡ ਅਤੇ ਹੋਰ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ, ਜੋ ਆਪਣੀ ਡਿਊਟੀ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਰੱਖਦੇ ਹਨ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ, ਹੋਟਲਾਂ, ਮੈਰਿਜ ਪੈਲੇਸਾਂ ਅਤੇ ਹੋਰ ਵਪਾਰਕ ਅਦਾਰਿਆਂ ਦੇ ਸੁਰੱਖਿਆ ਗਾਰਡ ਵੀ ਆਪਣੀ ਡਿਊਟੀ ਦੌਰਾਨ ਨਿਯਮਾਂ ਅਨੁਸਾਰ ਹਥਿਆਰ ਰੱਖ ਸਕਣਗੇ।

ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਲਹਿਰਾਉਂਦਿਆਂ ਜਾਂ ਪ੍ਰਦਰਸ਼ਿਤ ਕਰਦਿਆਂ ਤਸਵੀਰਾਂ ਜਾਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਅਪਲੋਡ ਨਹੀਂ ਕਰ ਸਕੇਗਾ। ਇਸ ਦੇ ਨਾਲ ਹੀ ਕਿਸੇ ਵੀ ਸਮਾਗਮ ਜਾਂ ਪ੍ਰੋਗਰਾਮ ਵਿੱਚ ਅਜਿਹੇ ਗੀਤ, ਨਾਟਕ ਜਾਂ ਹੋਰ ਪੇਸ਼ਕਾਰੀਆਂ ਕਰਨ 'ਤੇ ਵੀ ਪਾਬੰਦੀ ਰਹੇਗੀ, ਜਿਨ੍ਹਾਂ ਰਾਹੀਂ ਹਥਿਆਰਾਂ ਦੀ ਵਰਤੋਂ ਜਾਂ ਪ੍ਰਦਰਸ਼ਨ ਦੀ ਵਡਿਆਈ ਕੀਤੀ ਜਾਂਦੀ ਹੋਵੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦਾ ਹੈ ਅਤੇ ਕਾਨੂੰਨ ਵਿਵਸਥਾ ਲਈ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਇਸੈਂਸਸ਼ੁਦਾ ਹਥਿਆਰਾਂ ਦੀ ਦੁਰਵਰਤੋਂ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਇਹ ਪਾਬੰਦੀ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਲਗਾਈ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande