ਬਟਾਲਾ 'ਚ ਰੰਜਿਸ਼ ਕਾਰਨ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਬਟਾਲਾ, 11 ਜੁਲਾਈ (ਹਿੰ.ਸ.)| ਬਟਾਲਾ ਦੇ ਪਿੰਡ ਸੀਦਾ ਵਿੱਚ ਆਪਸੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਖੂਨੀ ਝੜਪ ਵਿੱਚ ਤਬਦੀਲ ਹੋ ਗਿਆ। ਇਸ ਦੌਰਾਨ ਇੱਕ ਧਿਰ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 35 ਸਾਲਾ ਨੌਜਵਾਨ ਮਨਪਿੰਦਰ ਸਿੰਘ ਉਰਫ਼ ਮੰਨਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇ
ਮ੍ਰਿਤਕ ਮਨਪਿੰਦਰ ਸਿੰਘ ਉਰਫ਼ ਮੰਨਾ ਦੀ ਫਾਈਲ ਫੋਟੋ


ਬਟਾਲਾ, 11 ਜੁਲਾਈ (ਹਿੰ.ਸ.)| ਬਟਾਲਾ ਦੇ ਪਿੰਡ ਸੀਦਾ ਵਿੱਚ ਆਪਸੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਖੂਨੀ ਝੜਪ ਵਿੱਚ ਤਬਦੀਲ ਹੋ ਗਿਆ। ਇਸ ਦੌਰਾਨ ਇੱਕ ਧਿਰ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 35 ਸਾਲਾ ਨੌਜਵਾਨ ਮਨਪਿੰਦਰ ਸਿੰਘ ਉਰਫ਼ ਮੰਨਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਪਹਿਲਾਂ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਅਤੇ ਬਾਅਦ ਵਿੱਚ ਅੰਮ੍ਰਿਤਸਰ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਦੇਰ ਸ਼ਾਮ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਤਕਰਾਰ ਹੋਈ, ਜੋ ਦੇਖਦੇ ਹੀ ਦੇਖਦੇ ਗਾਲੀ-ਗਲੌਚ ਅਤੇ ਹਿੰਸਕ ਝਗੜੇ ਵਿੱਚ ਬਦਲ ਗਈ। ਇਸ ਦੌਰਾਨ ਪਿੰਡ ਦੇ ਹੀ ਇੱਕ ਨੌਜਵਾਨ ਨੇ ਮਨਪਿੰਦਰ ਸਿੰਘ 'ਤੇ ਪਿਸਤੌਲ ਨਾਲ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਸਰੀਰ ਵਿੱਚ ਕਈ ਗੋਲੀਆਂ ਲੱਗਣ ਕਾਰਨ ਉਹ ਮੌਕੇ 'ਤੇ ਹੀ ਖੂਨ ਨਾਲ ਲੱਥਪੱਥ ਹੋ ਕੇ ਡਿੱਗ ਪਿਆ।

ਗੋਲੀਬਾਰੀ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਮਨਪਿੰਦਰ ਨੂੰ ਤੁਰੰਤ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਉੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਉੱਚ ਮੈਡੀਕਲ ਕੇਂਦਰ ਲਈ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਦੀ ਗੱਲ ਸਾਹਮਣੇ ਆਈ ਹੈ। ਜ਼ਖ਼ਮੀ ਦੇ ਬਿਆਨ ਦਰਜ ਕਰਨ ਲਈ ਐਸਐਚਓ ਘਨੀਕੇ ਬਾਂਗਰ ਨੂੰ ਅੰਮ੍ਰਿਤਸਰ ਭੇਜਿਆ ਗਿਆ ਸੀ, ਪਰ ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਦਾ ਦਾਅਵਾ ਹੈ ਕਿ ਉਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande