
ਲੁਧਿਆਣਾ, 11 ਜੁਲਾਈ (ਹਿੰ.ਸ.)| ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਬੰਦ 19 ਸਾਲਾ ਹਵਾਲਾਤੀ ਅਰਸ਼ਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਮਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਉਸ ਦੇ ਪੁੱਤਰ ਦੀ ਮੌਤ ਬਿਮਾਰੀ ਨਾਲ ਨਹੀਂ, ਸਗੋਂ ਲਾਪਰਵਾਹੀ ਅਤੇ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਹੋਈ ਹੈ।
ਪਟਿਆਲਾ ਦੇ ਸੁਲਰ ਘਰਾਟ (ਝੁੱਗੀ ਬਸਤੀ) ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਖ਼ਿਲਾਫ਼ 22 ਮਾਰਚ 2026 ਨੂੰ ਥਾਣਾ ਦਾਖਾ ਵਿੱਚ ਬੀਐਨਐਸ ਦੀ ਧਾਰਾ 137(2), 64 ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਕੇਸ ਦਰਜ ਹੋਇਆ ਸੀ। ਇਸ ਮਾਮਲੇ ਵਿੱਚ ਉਹ ਨਿਆਂਇਕ ਹਿਰਾਸਤ ਦੌਰਾਨ ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਬੰਦ ਸੀ।
ਮ੍ਰਿਤਕ ਦੀ ਮਾਤਾ ਸਰਬਜੀਤ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ 3 ਜੁਲਾਈ ਨੂੰ ਜੇਲ੍ਹ ਵਿੱਚ ਅਰਸ਼ਦੀਪ ਦੀ ਅਚਾਨਕ ਤਬੀਅਤ ਵਿਗੜ ਗਈ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਗਲੇ ਦਿਨ ਇਲਾਕਾ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ।
ਸਰਬਜੀਤ ਕੌਰ ਨੇ ਦੋਸ਼ ਲਗਾਇਆ ਕਿ ਜੇਲ੍ਹ ਅੰਦਰ ਸਮੇਂ ਸਿਰ ਢੁੱਕਵੀਆਂ ਡਾਕਟਰੀ ਸਹੂਲਤਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਉਸ ਦੇ ਪੁੱਤਰ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਜੇ ਇਲਾਜ ਵਿੱਚ ਲਾਪਰਵਾਹੀ ਨਾ ਹੁੰਦੀ ਤਾਂ ਅਰਸ਼ਦੀਪ ਨੂੰ ਬਚਾਇਆ ਜਾ ਸਕਦਾ ਸੀ।
ਮਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀਐਨਐਸ ਦੀ ਧਾਰਾ 106(1) ਅਤੇ 3(5) ਤਹਿਤ ਐਫਆਈਆਰ ਨੰਬਰ 173 ਦਰਜ ਕਰ ਲਈ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਦਿਨੇਸ਼ ਕੁਮਾਰ ਨੂੰ ਸੌਂਪੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਲਾਪਰਵਾਹੀ ਹੋਈ ਸੀ ਜਾਂ ਨਹੀਂ।
ਹਿੰਦੂਸਥਾਨ ਸਮਾਚਾਰ / GURSHARAN SINGH