
ਖੰਨਾ, 11 ਜੁਲਾਈ (ਹਿੰ.ਸ.)| ਖੰਨਾ ਦੇ ਥਾਣਾ ਮਲੌਦ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਨਸ਼ਾ ਤਸਕਰ ਨੂੰ 100 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਆਪਣੇ ਘਰ ਦੇ ਬਾਹਰ ਖੜ੍ਹੀ ਸਵਿਫਟ ਕਾਰ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਉਤਾਰ ਰਿਹਾ ਸੀ, ਜਿਸ ਦੌਰਾਨ ਪੁਲਿਸ ਨੇ ਛਾਪਾ ਮਾਰ ਕੇ ਉਸ ਨੂੰ ਕਾਬੂ ਕਰ ਲਿਆ।
ਡੀਐਸਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਥਾਣਾ ਮਲੌਦ ਦੀ ਪੁਲਿਸ ਟੀਮ ਮਲੌਦ ਤੋਂ ਰਾੜਾ ਸਾਹਿਬ ਮਾਰਗ ਵੱਲ ਗਸ਼ਤ ਕਰ ਰਹੀ ਸੀ।
ਜਦੋਂ ਪੁਲਿਸ ਪਾਰਟੀ ਪਿੰਡ ਭੀਖੀ ਨੇੜੇ ਤਲਾਬ ਕੋਲ ਪਹੁੰਚੀ ਤਾਂ ਇੱਕ ਰਿਹਾਇਸ਼ੀ ਮਕਾਨ ਦੇ ਬਾਹਰ ਖੜ੍ਹੀ ਚਿੱਟੇ ਰੰਗ ਦੀ ਸਵਿਫਟ ਕਾਰ ਕੋਲ ਇੱਕ ਵਿਅਕਤੀ ਸ਼ੱਕੀ ਹਾਲਾਤ ਵਿੱਚ ਕਾਰ ਦੀ ਡਿੱਗੀ ਵਿੱਚੋਂ ਭਾਰੇ ਥੈਲੇ ਉਤਾਰਦਾ ਨਜ਼ਰ ਆਇਆ। ਪੁਲਿਸ ਨੂੰ ਦੇਖ ਕੇ ਉਹ ਘਬਰਾ ਗਿਆ, ਜਿਸ 'ਤੇ ਪੁਲਿਸ ਨੇ ਤੁਰੰਤ ਘੇਰਾਬੰਦੀ ਕਰਕੇ ਉਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।
ਪੁਲਿਸ ਵੱਲੋਂ ਕਾਰ ਅਤੇ ਮੌਕੇ 'ਤੇ ਪਏ ਦੋ ਵੱਡੇ ਥੈਲਿਆਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਵਿੱਚੋਂ 100 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ ਤਸਕਰੀ ਵਿੱਚ ਵਰਤੀ ਜਾ ਰਹੀ ਸਵਿਫਟ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪਿੰਡ ਭੀਖੀ ਵਾਸੀ ਰੁਪਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਨਸ਼ੇ ਦੀ ਇਹ ਵੱਡੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH