
ਅੰਮ੍ਰਿਤਸਰ, 11 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੇ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ। ਉਨ੍ਹਾਂ ਇਹ ਗੱਲ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ, ਤਲਵੰਡੀ ਡੋਗਰਾ, ਵਡਾਲੀ ਡੋਗਰਾ ਅਤੇ ਅੱਡਾ ਟਾਂਗਰਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਹੀ।
ਪ੍ਰੋਗਰਾਮ ਦੌਰਾਨ ਮੰਤਰੀ ਨੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਹਰ ਜਾਇਜ਼ ਸਮੱਸਿਆ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਰਕਾਰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਸਾਲਾਨਾ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੇ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਹਨ। ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਨਾਲ ਸੂਬੇ ਨੇ ਦੇਸ਼ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਹਿਲਾ ਸਸ਼ਕਤੀਕਰਨ ਵੱਲ ਅਹਿਮ ਕਦਮ ਕਰਾਰ ਦਿੱਤਾ।
ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸੜਕਾਂ, ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ 'ਤੇ ਵੱਡੇ ਪੱਧਰ 'ਤੇ ਕੰਮ ਹੋਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਦੀ ਰਫ਼ਤਾਰ ਜਾਰੀ ਰਹੇਗੀ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH