
ਅੰਮ੍ਰਿਤਸਰ, 11 ਜੁਲਾਈ (ਹਿੰ.ਸ.)| ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੇ ਜੀਵਨ 'ਤੇ ਆਧਾਰਿਤ ਫ਼ਿਲਮਾਂ ਸਬੰਧੀ ਅਪਣਾਏ ਜਾ ਰਹੇ ਵੱਖ-ਵੱਖ ਰੁਖਾਂ 'ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਸ ਮਾਮਲੇ ਵਿੱਚ ਸਪੱਸ਼ਟ ਅਤੇ ਇਕਸਾਰ ਨੀਤੀ ਜਨਤਕ ਕਰਨ ਦੀ ਮੰਗ ਕੀਤੀ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ 28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਵਿੱਚ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਿੱਖ ਯੋਧਿਆਂ, ਸ਼ਹੀਦਾਂ ਅਤੇ ਸਿੱਖ ਸੰਸਕਾਰਾਂ ਦੀ ਨਕਲ ਕਰਕੇ ਫ਼ਿਲਮਾਂ ਜਾਂ ਐਨੀਮੇਸ਼ਨ ਬਣਾਉਣ 'ਤੇ ਇਤਰਾਜ਼ ਜਤਾਇਆ ਗਿਆ ਸੀ। ਇਸੇ ਹੁਕਮਨਾਮੇ ਦੇ ਆਧਾਰ 'ਤੇ ਮਈ 2026 ਵਿੱਚ ਸਰਦਾਰ ਹਰੀ ਸਿੰਘ ਨਲੂਆ ਦੇ ਜੀਵਨ 'ਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਜੇਕਰ ਪੁਰਾਤਨ ਸਿੱਖ ਯੋਧਿਆਂ ਨੂੰ ਫ਼ਿਲਮਾਂ ਵਿੱਚ ਦਰਸਾਉਣਾ ਉਚਿਤ ਨਹੀਂ ਮੰਨਿਆ ਜਾਂਦਾ ਤਾਂ ਫਿਰ ਆਧੁਨਿਕ ਸਮੇਂ ਦੇ ਸ਼ਹੀਦਾਂ 'ਤੇ ਬਣ ਰਹੀਆਂ ਫ਼ਿਲਮਾਂ ਦਾ ਸਮਰਥਨ ਕਿਸ ਆਧਾਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਸਿੱਖ ਯੋਧਿਆਂ ਅਤੇ ਸ਼ਹੀਦਾਂ ਵਿੱਚ ਸਿਧਾਂਤਕ ਤੌਰ 'ਤੇ ਕੋਈ ਵਰਗੀਕਰਨ ਕੀਤਾ ਜਾ ਸਕਦਾ ਹੈ, ਜਦਕਿ ਅਰਦਾਸ ਵਿੱਚ ਪੁਰਾਤਨ ਅਤੇ ਨਵੇਂ ਸ਼ਹੀਦਾਂ ਨੂੰ ਬਰਾਬਰ ਦਾ ਸਨਮਾਨ ਦਿੱਤਾ ਜਾਂਦਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' 'ਤੇ ਲੱਗੀ ਪਾਬੰਦੀ ਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਸਜੀਪੀਸੀ ਵੱਲੋਂ ਵਿਰੋਧ ਕੀਤਾ ਗਿਆ ਹੈ। ਅਜਿਹੇ ਵਿੱਚ ਪੰਥ ਨੂੰ ਇਹ ਜਾਣਨ ਦਾ ਅਧਿਕਾਰ ਹੈ ਕਿ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੇ ਫ਼ਿਲਮਾਂਕਣ ਬਾਰੇ ਅਸਲ ਅਤੇ ਅੰਤਿਮ ਨੀਤੀ ਕੀ ਹੈ।
ਉਨ੍ਹਾਂ ਇਤਿਹਾਸਕ ਹਵਾਲੇ ਦਿੰਦਿਆਂ ਕਿਹਾ ਕਿ 1934 ਵਿੱਚ ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬਾਨ ਅਤੇ ਸਿੱਖ ਸ਼ਹੀਦਾਂ ਦੇ ਫ਼ਿਲਮਾਂਕਣ ਨੂੰ ਸਿੱਖੀ ਅਸੂਲਾਂ ਦੇ ਵਿਰੁੱਧ ਕਰਾਰ ਦਿੱਤਾ ਸੀ, ਪਰ 1940 ਵਿੱਚ ਇਸ ਵਿੱਚ ਸੋਧ ਕਰਕੇ ਮਨਾਹੀ ਨੂੰ ਸਿਰਫ਼ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਪਾਤਰਾਂ ਤੱਕ ਸੀਮਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 2003 ਅਤੇ 2022 ਦੀਆਂ ਨੀਤੀਆਂ ਵਿੱਚ ਵੀ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੇ ਫ਼ਿਲਮਾਂਕਣ 'ਤੇ ਸਪੱਸ਼ਟ ਪਾਬੰਦੀ ਦਾ ਜ਼ਿਕਰ ਨਹੀਂ ਸੀ।
ਪ੍ਰੋ. ਖਿਆਲਾ ਨੇ 2025 ਦੇ ਹੁਕਮਨਾਮੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ 'ਸਤਲੁਜ', 'ਮਸਤਾਨੇ' ਅਤੇ ਸਾਰਾਗੜ੍ਹੀ ਦੇ ਇਤਿਹਾਸ 'ਤੇ ਬਣੀਆਂ ਫ਼ਿਲਮਾਂ ਨੇ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਬਹਾਦਰੀ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਖੋਜ-ਅਧਾਰਿਤ ਅਤੇ ਮਰਿਆਦਾ-ਪੂਰਨ ਫ਼ਿਲਮਾਂ ਸਿੱਖ ਇਤਿਹਾਸ ਨੂੰ ਵਿਸ਼ਵ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦਾ ਮਜ਼ਬੂਤ ਸਾਧਨ ਬਣ ਸਕਦੀਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH