
ਅੰਮ੍ਰਿਤਸਰ, 11 ਜੁਲਾਈ (ਹਿੰ.ਸ.)| ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿੱਚ ਦੇਰ ਰਾਤ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਮ੍ਰਿਤਕ ਦੇ ਪਿਤਾ ਲਾਹੌਰਾ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਮੁਲਜ਼ਮ ਮੋਟਰਸਾਈਕਲ 'ਤੇ ਉਨ੍ਹਾਂ ਦੇ ਡੇਰੇ 'ਤੇ ਪਹੁੰਚੇ ਅਤੇ ਗੁਰਅਵਤਾਰ ਸਿੰਘ ਨੂੰ ਬਾਹਰ ਆਉਣ ਲਈ ਆਵਾਜ਼ਾਂ ਮਾਰੀਆਂ।
ਪਰਿਵਾਰ ਮੁਤਾਬਕ, ਜਿਵੇਂ ਹੀ ਗੁਰਅਵਤਾਰ ਬਾਹਰ ਆਇਆ ਤਾਂ ਦੋਵਾਂ ਧਿਰਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਦੋਸ਼ ਹੈ ਕਿ ਵਿਵਾਦ ਵਧਣ 'ਤੇ ਗੁਰਜੰਟ ਸਿੰਘ ਅਤੇ ਹਨੀ ਨੇ ਕਥਿਤ ਤੌਰ 'ਤੇ ਪਿਸਤੌਲ ਕੱਢ ਕੇ ਗੁਰਅਵਤਾਰ ਸਿੰਘ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਮੌਕੇ 'ਤੇ ਹੀ ਡਿੱਗ ਪਿਆ।
ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਪਹੁੰਚੇ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH