
ਫਰੀਦਕੋਟ, 12 ਜੁਲਾਈ (ਹਿੰ.ਸ.)| ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 586 ਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਪਹਿਲਾਂ ਕਾਰ ਸਵਾਰ ਦੋ ਤਸਕਰਾਂ ਕੋਲੋਂ 515 ਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਇੱਕ ਹੋਰ ਮੁਲਜ਼ਮ ਨੂੰ 71 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਮਨਦੀਪ ਸਿੰਘ ਉਰਫ਼ ਰਮਨ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਦੋਵੇਂ ਵਾਸੀ ਪਿੰਡ ਮਹਾਵਾ, ਜ਼ਿਲ੍ਹਾ ਅੰਮ੍ਰਿਤਸਰ, ਅਤੇ ਬਲਵਿੰਦਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਨੂਰਪੁਰ ਹਕੀਮਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਤਿੰਨਾਂ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਨੁਸਾਰ ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਸੀਆਈਏ ਸਟਾਫ ਦੀ ਟੀਮ ਏਐਸਆਈ ਹਾਕਮ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ।
ਇਸ ਦੌਰਾਨ ਜਦੋਂ ਪੁਲਿਸ ਟੀਮ ਫਰੀਦਕੋਟ ਦੀ ਦਾਣਾ ਮੰਡੀ ਇਲਾਕੇ ਵਿੱਚ ਪਹੁੰਚੀ ਤਾਂ ਉੱਥੇ ਇੱਕ ਆਈ-20 ਕਾਰ ਵਿੱਚ ਸਵਾਰ ਰਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਵਿੱਚੋਂ 515 ਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।
ਪੁਲਿਸ ਨੇ ਦੋਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਬਲਵਿੰਦਰ ਸਿੰਘ ਉਰਫ਼ ਲਾਡੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਸ ਦੇ ਕਬਜ਼ੇ ਵਿੱਚੋਂ 71 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਹਾਕਮ ਸਿੰਘ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਬਰਾਮਦ ਕੀਤੀ ਗਈ ਹੈਰੋਇਨ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH