
ਚੰਡੀਗੜ੍ਹ, 12 ਜੁਲਾਈ (ਹਿੰ.ਸ.)| ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬੀ ਫ਼ਿਲਮ ‘ਸਤਲੁਜ’ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਫ਼ਿਲਮ ਵਿੱਚ ਦਰਸਾਏ ਗਏ 25 ਹਜ਼ਾਰ ਲਾਪਤਾ ਜਾਂ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਅੰਤਿਮ ਸੰਸਕਾਰ ਕੀਤੇ ਗਏ ਲੋਕਾਂ ਦੇ ਦਾਅਵੇ ਸਬੰਧੀ ਦਸਤਾਵੇਜ਼ੀ ਸਬੂਤ ਜਨਤਕ ਕਰਨ ਦੀ ਮੰਗ ਕੀਤੀ ਹੈ।
ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਰੀ ਬਿਆਨ ਵਿੱਚ ਕਿਹਾ ਕਿ ‘ਰਚਨਾਤਮਕ ਆਜ਼ਾਦੀ’ ਦੇ ਨਾਂ ’ਤੇ ਵਿਵਾਦਿਤ ਦਾਵਿਆਂ ਨੂੰ ਸਥਾਪਿਤ ਇਤਿਹਾਸ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦਰਦਨਾਕ ਇਤਿਹਾਸ ਕਿਸੇ ਖ਼ਾਸ ਵਿਚਾਰਧਾਰਾ ਜਾਂ ਪੱਖਪਾਤ ਦੇ ਆਧਾਰ ’ਤੇ ਚੋਣਵੇਂ ਢੰਗ ਨਾਲ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ।
ਬਿੱਟੂ ਨੇ ਕਿਹਾ ਕਿ ਫ਼ਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਪੰਜਾਬ ਦੀ ਜਨਤਾ ਸਾਹਮਣੇ ਉਹ ਸਾਰੇ ਸਰਕਾਰੀ ਰਿਕਾਰਡ, ਨਿਆਂਇਕ ਨਤੀਜੇ, ਪ੍ਰਮਾਣਿਤ ਅੰਕੜੇ ਅਤੇ ਦਸਤਾਵੇਜ਼ ਪੇਸ਼ ਕਰਨ, ਜਿਨ੍ਹਾਂ ਦੇ ਆਧਾਰ ’ਤੇ ਫ਼ਿਲਮ ਵਿੱਚ 25 ਹਜ਼ਾਰ ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸਸਕਾਰ ਕੀਤੇ ਗਏ ਲੋਕਾਂ ਦਾ ਦਾਅਵਾ ਕੀਤਾ ਗਿਆ ਹੈ।
ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਇਹ ਅੰਕੜਾ ਸਿਰਫ਼ ਅੰਦਾਜ਼ੇ ਜਾਂ ਦੋਸ਼ਾਂ ’ਤੇ ਆਧਾਰਿਤ ਹੈ ਤਾਂ ਇਸ ਨੂੰ ਫ਼ਿਲਮ ਵਿੱਚ ਇਤਿਹਾਸਕ ਸੱਚ ਵਜੋਂ ਕਿਉਂ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਰਸ਼ਕਾਂ ਨੂੰ ਇਹ ਜਾਣਕਾਰੀ ਮਿਲਣੀ ਚਾਹੀਦੀ ਸੀ ਕਿ ਇਸ ਗਿਣਤੀ ਦੀ ਪੁਸ਼ਟੀ ਕਿਸੇ ਅੰਤਿਮ ਨਿਆਂਇਕ ਫ਼ੈਸਲੇ ਨਾਲ ਹੋਈ ਹੈ ਜਾਂ ਨਹੀਂ।
ਕੇਂਦਰੀ ਮੰਤਰੀ ਨੇ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਵਿੱਚ ਅੱਤਵਾਦ ਦੇ ਦੌਰ ਨੂੰ ਫ਼ਿਲਮ ਵਿੱਚ ਇਕਪੱਖੀ ਢੰਗ ਨਾਲ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰ ਦੌਰਾਨ ਮਾਰੇ ਗਏ ਬੇਕਸੂਰ ਹਿੰਦੂਆਂ, ਬੱਸ ਯਾਤਰੀਆਂ, ਦੁਕਾਨਦਾਰਾਂ, ਸਰਕਾਰੀ ਕਰਮਚਾਰੀਆਂ, ਮਜ਼ਦੂਰਾਂ ਅਤੇ ਆਮ ਨਾਗਰਿਕਾਂ ਦੀ ਪੀੜਾ ਨੂੰ ਵੀ ਬਰਾਬਰ ਮਹੱਤਤਾ ਮਿਲਣੀ ਚਾਹੀਦੀ ਹੈ।
ਬਿੱਟੂ ਨੇ ਪੰਜਾਬ ਪੁਲਿਸ, ਸੁਰੱਖਿਆ ਬਲਾਂ ਅਤੇ ਅੱਤਵਾਦ ਖ਼ਿਲਾਫ਼ ਲੜਦਿਆਂ ਸ਼ਹੀਦ ਹੋਏ ਜਵਾਨਾਂ ਅਤੇ ਨਾਗਰਿਕਾਂ ਦੇ ਬਲਿਦਾਨ ਨੂੰ ਵੀ ਯਾਦ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਇਤਿਹਾਸ ਦੇ ਸਿਰਫ਼ ਇੱਕ ਪੱਖ ਨੂੰ ਉਭਾਰ ਕੇ ਹੋਰ ਪੀੜਤਾਂ ਦੇ ਦਰਦ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਫ਼ਿਲਮ ਨਿਰਮਾਤਾਵਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਵਿੱਚ 25 ਹਜ਼ਾਰ ਦੇ ਅੰਕੜੇ ਦਾ ਪੂਰਾ ਆਧਾਰ ਜਨਤਕ ਕਰਨ। ਜੇਕਰ ਉਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਅੰਕੜਾ ਅਧਿਕਾਰਕ ਤੌਰ ’ਤੇ ਪ੍ਰਮਾਣਿਤ ਨਹੀਂ ਹੈ। ਬਿੱਟੂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਇਤਿਹਾਸ ਨੂੰ ਤੱਥਾਂ ਦੇ ਉਲਟ ਪੇਸ਼ ਕਰਨ ਤੋਂ ਰੋਕਣ ਲਈ ਸੰਵਿਧਾਨਕ ਅਤੇ ਕਾਨੂੰਨੀ ਵਿਕਲਪਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਤੱਥਾਂ, ਸਬੂਤਾਂ ਅਤੇ ਸੱਚਾਈ ਦੇ ਆਧਾਰ ’ਤੇ ਹੀ ਦਰਸਾਇਆ ਜਾਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH