
ਅੰਮ੍ਰਿਤਸਰ, 13 ਜੁਲਾਈ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਹੋਰ ਸੰਚਾਰੂ ਰੂਪ ਨਾਲ ਚਲਾਉਣ ਦੇ ਉਦੇਸ਼ ਨਾਲ ਹਲਕਾਵਾਰ ਗੁਰਮਤਿ ਸਮਾਗਮ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ ਹੋਈ।
ਇਕੱਤਰਤਾ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਦਾ ਪ੍ਰਚਾਰ ਪ੍ਰਸਾਰ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਪਹਿਲਕਦਮੀ ਰਹੀ ਹੈ। ਸੰਗਤਾਂ ਅਤੇ ਖ਼ਾਸਕਰ ਨੌਜੁਆਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਮੇਂ-ਸਮੇਂ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਤਹਿਤ ਹੁਣ ਗੁਰੂ ਸਾਹਿਬਾਨ ਦੁਆਰਾ ਬਖ਼ਸ਼ੀ ਵਿਚਾਰਧਾਰਾ, ਸਿੱਖ ਰਹਿਤ ਮਰਯਾਦਾ ਅਤੇ ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਦੀ ਸਿਧਾਂਤਕ ਅਤੇ ਇਤਿਹਾਸਕ ਮਹੱਤਤਾ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਹਲਕਾਵਾਰ ਗੁਰਮਤਿ ਸਮਾਗਮ ਆਯੋਜਤ ਕੀਤੇ ਜਾ ਰਹੇ ਹਨ। ਉਨ੍ਹਾਂ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਨੂੰ ਗੁਰਮਤਿ ਰਹਿਣੀ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਪ੍ਰਤੀ ਵੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਨਾਮ ਸਿੰਘ ਜੱਸਲ ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH