ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਖਾਲੜਾ ਦੇ ਸੱਚ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ : ਡਾ. ਕਰੀਮਪੁਰੀ
ਚੰਡੀਗੜ੍ਹ, 13 ਜੁਲਾਈ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਖਾਲੜਾ ਕੇਸ ਅਤੇ ਉਸ ''ਤੇ ਬਣੀ ਫਿਲਮ ਨੂੰ ਸੈਂਸਰ ਬੋਰਡ ਅਤੇ ਸਰਕਾਰਾਂ ਵੱਲੋਂ ਰੋਕਣ ਜਾਂ ਤੋੜ-ਮਰੋੜ ਕੇ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡਾ
ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ


ਚੰਡੀਗੜ੍ਹ, 13 ਜੁਲਾਈ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਖਾਲੜਾ ਕੇਸ ਅਤੇ ਉਸ 'ਤੇ ਬਣੀ ਫਿਲਮ ਨੂੰ ਸੈਂਸਰ ਬੋਰਡ ਅਤੇ ਸਰਕਾਰਾਂ ਵੱਲੋਂ ਰੋਕਣ ਜਾਂ ਤੋੜ-ਮਰੋੜ ਕੇ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡਾ. ਕਰੀਮਪੁਰੀ ਨੇ ਇਸ ਵਿਵਾਦ ਨੂੰ ਪੰਜਾਬ ਦੀ ਇਤਿਹਾਸਕ ਸੱਚਾਈ ਨੂੰ ਦਬਾਉਣ ਦੀ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ।

ਡਾ. ਕਰੀਮਪੁਰੀ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਹਜ਼ਾਰਾਂ ਲਾਵਾਰਿਸ ਲਾਸ਼ਾਂ ਦਾ ਸੱਚ ਦੁਨੀਆ ਦੇ ਸਾਹਮਣੇ ਲਿਆ ਕੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ। ਅੱਜ ਉਸ ਸੱਚ ਨੂੰ ਪਰਦੇ 'ਤੇ ਦਿਖਾਉਣ ਤੋਂ ਰੋਕਣਾ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਘਾਣ ਹੈ। ਬਸਪਾ ਹਮੇਸ਼ਾ ਦੱਬੇ-ਕੁਚਲੇ ਲੋਕਾਂ ਅਤੇ ਇਨਸਾਫ਼ ਦੀ ਆਵਾਜ਼ ਨਾਲ ਖੜ੍ਹੀ ਹੈ, ਅਤੇ ਅਸੀਂ ਖਾਲੜਾ ਜੀ ਦੇ ਸੱਚ ਨੂੰ ਸੈਂਸਰ ਕਰਨ ਦੀ ਹਰ ਚਾਲ ਦਾ ਡਟ ਕੇ ਵਿਰੋਧ ਕਰਦੇ ਹਾਂ।

ਡਾ. ਕਰੀਮਪੁਰੀ ਨੇ ਇਸ ਮੁੱਦੇ ਨੂੰ ਬਸਪਾ ਵੱਲੋਂ ਵਿੱਢੀ ਗਈ 'ਪੰਜਾਬ ਸੰਭਾਲੋ ਮੁਹਿੰਮ' ਨਾਲ ਜੋੜਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਬਹੁਪੱਖੀ ਸੰਕਟਾਂ ਵਿੱਚੋਂ ਕੱਢਣ ਦੀ ਲੋੜ ਹੈ। ਉਨ੍ਹਾਂ ਹੇਠ ਲਿਖੇ ਮੁੱਖ ਨੁਕਤਿਆਂ 'ਤੇ ਜ਼ੋਰ ਦਿੱਤਾ ਕਿ 'ਪੰਜਾਬ ਸੰਭਾਲੋ ਮੁਹਿੰਮ' ਦਾ ਮਕਸਦ ਸਿਰਫ਼ ਸਿਆਸੀ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਆਉਣ ਵਾਲੀਆਂ ਨਸਲਾਂ ਲਈ ਸੁਰੱਖਿਅਤ ਰੱਖਣਾ ਹੈ। ਜਿਸ ਤਰ੍ਹਾਂ ਖਾਲੜਾ ਕੇਸ ਵਿੱਚ ਇਨਸਾਫ਼ ਲਈ ਲੰਮੀ ਲੜਾਈ ਲੜਨੀ ਪਈ, ਉਸੇ ਤਰ੍ਹਾਂ ਅੱਜ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਇਸ ਮੁਹਿੰਮ ਰਾਹੀਂ ਲਾਮਬੰਦ ਕੀਤਾ ਜਾ ਰਿਹਾ ਹੈ। ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਸੱਭਿਆਚਾਰਕ ਪ੍ਰਦੂਸ਼ਣ ਤੋਂ ਬਚਾਉਣ ਲਈ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਡਾ. ਕਰੀਮਪੁਰੀ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਫਿਲਮ ਸੈਂਸਰ ਬੋਰਡ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਜ਼ਖ਼ਮਾਂ ਅਤੇ ਇਤਿਹਾਸ ਨਾਲ ਖਿਲਵਾੜ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਪੰਜਾਬ ਦੇ ਸਮੂਹ ਇਨਸਾਫ਼ ਪਸੰਦ ਲੋਕਾਂ, ਬੁੱਧੀਜੀਵੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਸੱਭਿਆਚਾਰ, ਇਤਿਹਾਸ ਅਤੇ ਹੱਕਾਂ ਦੀ ਰਾਖੀ ਲਈ ਬਸਪਾ ਦੀ 'ਪੰਜਾਬ ਸੰਭਾਲੋ ਮੁਹਿੰਮ' ਦਾ ਹਿੱਸਾ ਬਣਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande