
ਲੁਧਿਆਣਾ, 13 ਜੁਲਾਈ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਮਾਛੀਵਾੜਾ ਦੇ ਪਿੰਡ ਬਾਲਿਓ ਅਤੇ ਪਿੰਡ ਹਰਿਓ ਕਲਾ, ਜਦਕਿ ਬਲਾਕ ਰਾਏਕੋਟ ਦੇ ਪਿੰਡ ਸੱਤੋਵਾਲ ਅਤੇ ਪਿੰਡ ਝੋਰੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ 'ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ।
ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਮਿਹਨਤ ਦੀ ਕਮਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਗੁਰੂ ਸਾਹਿਬ ਦੇ ਜੀਵਨ ਦੇ ਵੱਖ-ਵੱਖ ਪੱਖਾਂ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਦਰਸਾਇਆ ਗਿਆ। ਡਾਕੂਮੈਂਟਰੀ ਨੇ ਦਰਸ਼ਕਾਂ ਨੂੰ ਇਹ ਸੰਦੇਸ਼ ਦਿੱਤਾ ਕਿ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ।
ਇਸ ਮੌਕੇ ਪਿੰਡ ਬਾਲਿਓ ਦੇ ਸਰਪੰਚ ਮਨਿੰਦਰ ਸਿੰਘ, ਪਿੰਡ ਹਰਿਓ ਕਲਾ ਦੇ ਸਰਪੰਚ ਜਸਵੀਰ ਕੌਰ ਭੱਟੀ, ਪਿੰਡ ਸੱਤੋਵਾਲ ਦੇ ਸਰਪੰਚ ਸੋਹਣ ਸਿੰਘ ਅਤੇ ਪਿੰਡ ਝੋਰੜਾਂ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤਾ ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਵੀ ਬਹੁਤ ਪ੍ਰਸੰਗਿਕ ਹੈ ਅਤੇ ਹਰ ਵਿਅਕਤੀ ਨੂੰ ਇਨ੍ਹਾਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ।
ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਵਿਲੱਖਣ ਪਹਿਲ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਸਮਾਜ ਵਿੱਚ ਆਪਸੀ ਸਦਭਾਵਨਾ, ਏਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਸਮੇਂ ਦੀ ਲੋੜ ਕਰਾਰ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਉਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH