
ਲੁਧਿਆਣਾ, 13 ਜੁਲਾਈ (ਹਿੰ.ਸ.)| ਲੁਧਿਆਣਾ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਨੂੰ ਲੈ ਕੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਦੇ ਆਧਾਰ 'ਤੇ ਲਾਡੋਵਾਲ ਥਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜਗਰਾਓਂ ਦੇ ਪਿੰਡ ਸਿੱਧਵਾਂ ਕਲਾਂ ਦੇ ਰਹਿਣ ਵਾਲੇ ਭਵਨਦੀਪ ਸਿੰਘ ਨੇ ਦੱਸਿਆ ਕਿ ਉਹ ਹੋਰ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨਾਲ ਲਾਡੋਵਾਲ ਟੋਲ ਪਲਾਜ਼ਾ 'ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਬਾਰੇ ਜਾਣਕਾਰੀ ਮਿਲੀ।
ਸ਼ਿਕਾਇਤ ਅਨੁਸਾਰ, ਇਹ ਵੀਡੀਓ ਪਵਨ ਮਾਨ, ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਚੇਅਰਮੈਨ ਰਾਜੀਵ ਟੰਡਨ ਅਤੇ ਭਾਨੂ ਪ੍ਰਤਾਪ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਸੀ। ਦੋਸ਼ ਹੈ ਕਿ ਵੀਡੀਓ ਵਿੱਚ ਸਿੱਖ ਧਰਮ ਅਤੇ ਸਿੱਖਾਂ ਦੇ ਪਵਿੱਤਰ ਕਕਾਰਾਂ ਸਬੰਧੀ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਅਜਿਹੀਆਂ ਟਿੱਪਣੀਆਂ ਰਾਹੀਂ ਦੋ ਭਾਈਚਾਰਿਆਂ ਵਿਚਾਲੇ ਵੈਰ-ਵਿਰੋਧ ਅਤੇ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 299 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਵਾਇਰਲ ਵੀਡੀਓ ਦੀ ਸੱਚਾਈ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਚੇਅਰਮੈਨ ਰਾਜੀਵ ਟੰਡਨ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਹਮੇਸ਼ਾ ਭਾਈਚਾਰੇ ਅਤੇ ਦੇਸ਼ ਦੀ ਏਕਤਾ ਦੀ ਗੱਲ ਕਰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਹਿੰਦੂਆਂ ਨਾਲ ਇਨਸਾਫ਼ ਨਹੀਂ ਹੋ ਰਿਹਾ ਅਤੇ ਉਹ ਆਪਣੇ ਵਿਚਾਰ ਪ੍ਰਗਟ ਕਰਦੇ ਰਹਿਣਗੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਫ਼ਿਰੋਜ਼ਪੁਰ ਰੋਡ 'ਤੇ ਕੁਝ ਨਿਹੰਗ ਸਿੰਘਾਂ ਵੱਲੋਂ ਰਾਜੀਵ ਟੰਡਨ ਦੀ ਪਾਇਲਟ ਗੱਡੀ ਰੋਕਣ ਅਤੇ ਉਸ ਦਾ ਸ਼ੀਸ਼ਾ ਤੋੜਨ ਦੀ ਘਟਨਾ ਵੀ ਸਾਹਮਣੇ ਆਈ ਸੀ। ਉਸ ਘਟਨਾ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਪੁਲਿਸ ਨੇ ਉਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH