
ਬਠਿੰਡਾ, 13 ਜੁਲਾਈ (ਹਿੰ.ਸ.)| ਬਠਿੰਡਾ ਕੋਤਵਾਲੀ ਪੁਲਿਸ ਨੇ ਘਰੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਇੱਕ ਨੌਕਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਕਰੀਬ 6.5 ਲੱਖ ਰੁਪਏ ਕੀਮਤ ਦਾ ਚੋਰੀ ਕੀਤਾ ਸਮਾਨ ਬਰਾਮਦ ਕਰ ਲਿਆ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਜਾਣਕਾਰੀ ਅਨੁਸਾਰ ਟਰਾਂਸਪੋਰਟ ਕਾਰੋਬਾਰੀ ਅਜੈ ਕੁਮਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੇ ਘਰੋਂ ਕਰੀਬ 7 ਲੱਖ ਰੁਪਏ ਕੀਮਤ ਦੇ ਪੁਰਾਣੇ ਅਤੇ ਪੁਸ਼ਤੈਨੀ ਗਹਿਣੇ ਹੌਲੀ-ਹੌਲੀ ਗਾਇਬ ਹੋ ਗਏ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਕੋਤਵਾਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਡੀਐਸਪੀ ਅਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਐਫਆਈਆਰ ਨੰਬਰ 132 ਦਰਜ ਕੀਤੀ ਗਈ ਸੀ। ਮਾਮਲੇ ਦੀ ਜਾਂਚ ਲਈ ਏਐਸਆਈ ਹਰਿੰਦਰ ਸਿੰਘ ਸਮੇਤ ਪੁਲਿਸ ਟੀਮਾਂ ਬਣਾਈਆਂ ਗਈਆਂ। ਤਕਨੀਕੀ ਜਾਂਚ ਦੇ ਆਧਾਰ ’ਤੇ ਘਰ ਵਿੱਚ ਕੰਮ ਕਰਨ ਵਾਲੀ ਮੇਡ ਗੀਤਾ ਰਾਣੀ ਦੀ ਪਛਾਣ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਗੀਤਾ ਰਾਣੀ ਪਿਛਲੇ ਦੋ ਸਾਲਾਂ ਤੋਂ ਸ਼ਿਕਾਇਤਕਰਤਾ ਦੇ ਘਰ ਵਿੱਚ ਕੰਮ ਕਰ ਰਹੀ ਸੀ। ਘਰ ਵਿੱਚ ਇੱਕ ਬਜ਼ੁਰਗ ਮਹਿਲਾ ਵੀ ਰਹਿੰਦੀ ਸੀ। ਪੁਲਿਸ ਮੁਤਾਬਕ ਮੁਲਜ਼ਮ ਨੇ ਪਰਿਵਾਰਕ ਮੈਂਬਰਾਂ ਦੇ ਘਰੋਂ ਬਾਹਰ ਜਾਣ ਜਾਂ ਨਹਾਉਣ ਆਦਿ ਦੌਰਾਨ ਲਾਪਰਵਾਹੀ ਦਾ ਫਾਇਦਾ ਚੁੱਕਦਿਆਂ ਹੌਲੀ-ਹੌਲੀ ਗਹਿਣੇ ਚੋਰੀ ਕੀਤੇ। ਡੀਐਸਪੀ ਭਾਟੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਜ਼ਿਆਦਾਤਰ ਸੋਨੇ ਦੇ ਗਹਿਣੇ ਚੋਰੀ ਕੀਤੇ ਸਨ। ਪੁਲਿਸ ਨੇ ਗੀਤਾ ਰਾਣੀ ਕੋਲੋਂ ਕਰੀਬ 6.5 ਲੱਖ ਰੁਪਏ ਕੀਮਤ ਦਾ ਚੋਰੀ ਕੀਤਾ ਸਮਾਨ ਬਰਾਮਦ ਕਰ ਲਿਆ ਹੈ। ਫਿਲਹਾਲ ਮੁਲਜ਼ਮ ਗੀਤਾ ਰਾਣੀ ਪੁਲਿਸ ਰਿਮਾਂਡ ’ਤੇ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਹੋਰ ਚੋਰੀ ਕੀਤਾ ਸਮਾਨ ਵੀ ਬਰਾਮਦ ਹੋ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH