
ਮੋਹਾਲੀ, 14 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਵਿਸ਼ਾਲ ਰੁੱਖ ਲਗਾਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਸਾਲ 2026-27 ਦੌਰਾਨ ਪੰਜਾਬ ਵਿੱਚ ਕੁੱਲ 1.50 ਕਰੋੜ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਅਧੀਨ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਦਇਆ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਅਤੇ ਅਧਿਆਤਮਿਕ ਵਿਰਾਸਤ ਦੇ ਸਤਿਕਾਰ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਪੰਜਾਬ ਦੇ ਸਭ ਤੋਂ ਵੱਡੇ ਵਾਤਾਵਰਣ ਸੰਭਾਲ ਅਭਿਆਨਾਂ ਵਿੱਚੋਂ ਇੱਕ ਹੋਵੇਗੀ।
ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਨਿਯਮਤ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 2026-27 ਦੌਰਾਨ 1.50 ਕਰੋੜ ਬੂਟੇ ਲਗਾਉਣ ਦੀ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਦੀ ਪੂਰੀ ਯੋਜਨਾ ਅਤੇ ਲਾਗੂ ਕਰਨ ਦੀ ਵਿਧੀ ਦਾ ਐਲਾਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਦੀ ਮਿਹਨਤ ਅਤੇ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਯਮਤ ਨਿਯੁਕਤੀ ਮਿਲਣ ਤੋਂ ਬਾਅਦ ਕਰਮਚਾਰੀ ਹੋਰ ਉਤਸ਼ਾਹ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣਗੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚ ਹਰਿਆਲੀ ਵਧਾਉਣਾ, ਵਾਤਾਵਰਣ ਨੂੰ ਬਿਹਤਰ ਬਣਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH