
ਫਰੀਦਕੋਟ, 14 ਜੁਲਾਈ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਵਿੱਚ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਕੋਟਕਪੂਰਾ ਦੇ ਪਿੰਡ ਢਿੱਲਵਾਂ ਕਲਾਂ ਨੇੜਿਓਂ ਬਾਈਕ ਸਵਾਰ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਠਿੰਡਾ ਵਾਸੀ ਰਜਨੇਸ਼ ਉਰਫ਼ ਮੋਂਟੀ ਅਤੇ ਲੁਧਿਆਣਾ ਵਾਸੀ ਗੁਰਜੰਟ ਸਿੰਘ ਉਰਫ਼ ਜੰਟਾ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਜਾਣਕਾਰੀ ਮੁਤਾਬਕ ਸੀਆਈਏ ਸਟਾਫ ਫਰੀਦਕੋਟ ਦੀ ਟੀਮ ਏਐਸਆਈ ਹਾਕਮ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਟੀਮ ਪਿੰਡ ਢਿੱਲਵਾਂ ਕਲਾਂ ਨੇੜੇ ਨੈਸ਼ਨਲ ਹਾਈਵੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਇੱਕ ਬਾਈਕ ਕੋਲ ਖੜ੍ਹੇ ਦੋ ਨੌਜਵਾਨਾਂ ਨੂੰ ਸ਼ੱਕੀ ਹਾਲਾਤ ਵਿੱਚ ਦੇਖਿਆ।
ਪੁਲਿਸ ਨੂੰ ਦੇਖਦੇ ਹੀ ਦੋਵੇਂ ਨੌਜਵਾਨ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸ ਮਾਮਲੇ ਸਬੰਧੀ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਹੈਰੋਇਨ ਦੀ ਸਪਲਾਈ ਦੇ ਪਿੱਛਲੇ ਅਤੇ ਅੱਗੇ ਵਾਲੇ ਲਿੰਕਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਡੀਐਸਪੀ ਨੇ ਦੱਸਿਆ ਕਿ ਪੁਲਿਸ ਰਿਕਾਰਡ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਤੋਂ ਹੀ ਕੁੱਲ 7 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH