ਜਲੰਧਰ ਦਿਹਾਤੀ ਪੁਲਿਸ ਨੇ ਹੈਰੋਇਨ ਸਮੇਤ ਨਸ਼ਾ ਤਸਕਰ ਕੀਤਾ ਕਾਬੂ
ਜਲੰਧਰ, 14 ਜੁਲਾਈ (ਹਿੰ.ਸ.)| ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ
ਸਬ-ਇੰਸਪੈਕਟਰ ਕਸ਼ਮੀਰ ਸਿੰਘ ਜਾਣਕਾਰੀ ਦਿੰਦੇ ਹੋਏ।


ਜਲੰਧਰ, 14 ਜੁਲਾਈ (ਹਿੰ.ਸ.)| ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਸਰਹੱਦੀ ਖੇਤਰ ਤੋਂ ਹੈਰੋਇਨ ਲਿਆ ਕੇ ਜਲੰਧਰ ਦੇ ਪਤਾਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ।

ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਕਪਤਾਨ (ਤਫ਼ਤੀਸ਼) ਵਿਨੀਤ ਆਹਲਾਵਤ ਅਤੇ ਉਪ ਪੁਲਿਸ ਕਪਤਾਨ (ਤਫ਼ਤੀਸ਼) ਲਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਵਿੱਚ ਸਬ-ਇੰਸਪੈਕਟਰ ਕਸ਼ਮੀਰ ਸਿੰਘ ਦੀ ਟੀਮ ਨੇ 12 ਜੁਲਾਈ ਨੂੰ ਵਿਸ਼ੇਸ਼ ਚੈਕਿੰਗ ਦੌਰਾਨ ਇਹ ਕਾਰਵਾਈ ਕੀਤੀ।

ਪੁਲਿਸ ਮੁਤਾਬਕ ਪਿੰਡ ਜੋਹਲ ਨੇੜੇ ਮੱਛੀ ਗੇਟ, ਜਲੰਧਰ-ਹੁਸ਼ਿਆਰਪੁਰ ਮੁੱਖ ਸੜਕ 'ਤੇ ਇੱਕ ਵਿਅਕਤੀ ਕਾਲੇ ਰੰਗ ਦਾ ਕਿੱਟ ਬੈਗ ਲੈ ਕੇ ਸ਼ੱਕੀ ਹਾਲਤ ਵਿੱਚ ਆਉਂਦਾ ਦਿਖਾਈ ਦਿੱਤਾ। ਰੋਕ ਕੇ ਪੁੱਛਗਿੱਛ ਕਰਨ 'ਤੇ ਉਸ ਨੇ ਆਪਣੀ ਪਛਾਣ ਬਲਜੀਤ ਸਿੰਘ ਉਰਫ਼ ਬੱਲ, ਵਾਸੀ ਪਿੰਡ ਛਿੱਟ, ਥਾਣਾ ਸਦਰ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਜੋਂ ਦੱਸੀ। ਐੱਸਐੱਸਪੀ ਨੇ ਦੱਸਿਆ ਕਿ ਡੀਐੱਸਪੀ ਸਬ-ਡਿਵੀਜ਼ਨ ਆਦਮਪੁਰ ਰਾਜੀਵ ਕੁਮਾਰ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਉਨ੍ਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਿੱਟ ਬੈਗ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਸ ਸਬੰਧੀ ਥਾਣਾ ਪਤਾਰਾ ਵਿੱਖੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਪਹਿਲਾਂ ਖੁਦ ਹੈਰੋਇਨ ਦਾ ਆਦੀ ਰਿਹਾ ਹੈ ਅਤੇ ਸਾਲ 2025 ਵਿੱਚ ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਵੀ ਕਰਵਾ ਚੁੱਕਾ ਹੈ। ਉਸ ਨੇ ਇਹ ਵੀ ਮੰਨਿਆ ਕਿ ਉਸ ਖ਼ਿਲਾਫ਼ ਸਾਲ 2025 ਵਿੱਚ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਦਰ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ, ਜਿਸ ਵਿੱਚ ਉਹ ਜ਼ਮਾਨਤ 'ਤੇ ਰਿਹਾਅ ਹੋਇਆ ਸੀ। ਇਸ ਤੋਂ ਬਾਅਦ ਉਹ ਕਥਿਤ ਤੌਰ 'ਤੇ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜ ਗਿਆ।

ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੈਰੋਇਨ ਦੇ ਸਰੋਤ, ਸਪਲਾਈ ਚੇਨ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਚੱਲ ਅਤੇ ਅਚੱਲ ਜਾਇਦਾਦ ਦੀ ਵੀ ਪਛਾਣ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande