
ਚੰਡੀਗੜ੍ਹ, 14 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਯਾਦਗਾਰੀ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਵਿਸ਼ਾਲ ਸਮਾਗਮ ਕਰਵਾਏਗੀ। ਇਸ ਸਬੰਧੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ 80 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੋਰ ਫੰਡ ਵੀ ਉਪਲਬਧ ਕਰਵਾਏ ਜਾਣਗੇ। ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਨੇ ਦੱਸਿਆ ਕਿ ਸਮਾਗਮਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪੰਜਾਬ ਹੀ ਨਹੀਂ, ਸਗੋਂ ਦੇਸ਼ ਅਤੇ ਵਿਦੇਸ਼ ਤੱਕ ਪਹੁੰਚਾਉਣਾ ਹੈ। ਇਸ ਲਈ ਧਾਰਮਿਕ, ਵਿਦਿਅਕ, ਸਮਾਜਿਕ ਅਤੇ ਵਾਤਾਵਰਣ ਨਾਲ ਜੁੜੀਆਂ ਕਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ 650 ਗੁਰੂ ਰਵਿਦਾਸ ਬਗੀਚੀਆਂ ਸਥਾਪਤ ਕੀਤੀਆਂ ਜਾਣਗੀਆਂ ਅਤੇ 6.50 ਲੱਖ ਬੂਟੇ ਲਗਾਏ ਜਾਣਗੇ। ਇਸ ਤੋਂ ਇਲਾਵਾ ਅਗਸਤ ਮਹੀਨੇ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰਨ ਫਾਰ ਇਕੁਐਲਿਟੀ ਮੈਰਾਥਨ ਅਤੇ ਸਤੰਬਰ ਵਿੱਚ ਸਾਈਕਲ ਰੈਲੀਆਂ ਕਰਵਾਈਆਂ ਜਾਣਗੀਆਂ। ਅਕਤੂਬਰ ਮਹੀਨੇ ਦੌਰਾਨ ਸੂਬੇ ਭਰ ਵਿੱਚ 6.50 ਲੱਖ ਯਾਦਗਾਰੀ ਝੰਡੇ ਵੀ ਵੰਡੇ ਜਾਣਗੇ।ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਸਕੂਲੀ ਮੁਕਾਬਲੇ ਕਰਵਾਏ ਜਾਣਗੇ, ਜਦਕਿ ਪੰਜਾਬ ਦੇ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀਆਂ ਡਾਕੂਮੈਂਟਰੀ ਫ਼ਿਲਮਾਂ ਵੀ ਦਿਖਾਈਆਂ ਜਾਣਗੀਆਂ। ਜੁਲਾਈ ਤੋਂ ਨਵੰਬਰ ਤੱਕ ਸੂਬੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਅਤੇ ਵਿਧਾਨ ਸਭਾ ਹਲਕਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ 'ਤੇ ਆਧਾਰਿਤ ਡਰੋਨ ਸ਼ੋਅ ਵੀ ਕਰਵਾਏ ਜਾਣਗੇ।ਧਾਰਮਿਕ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ 5 ਤੋਂ 8 ਅਕਤੂਬਰ ਤੱਕ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸ਼ੁਰੂ ਹੋਣਗੀਆਂ, ਜੋ ਖੁਰਾਲਗੜ੍ਹ ਵਿਖੇ ਪਹੁੰਚ ਕੇ ਸਮਾਪਤ ਹੋਣਗੀਆਂ। ਇਸ ਤੋਂ ਬਾਅਦ 9 ਤੋਂ 11 ਅਕਤੂਬਰ ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਪਹਿਲੇ ਦਿਨ ਪ੍ਰਦਰਸ਼ਨੀ, ਕਥਾ-ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਜੀ ਦੀ ਬਾਣੀ 'ਤੇ ਕਾਨਫਰੰਸ ਹੋਵੇਗੀ। ਦੂਜੇ ਅਤੇ ਤੀਜੇ ਦਿਨ ਮੀਨਾਰ-ਏ-ਬੇਗਮਪੁਰਾ ਵਿਖੇ ਸ਼ਾਨਦਾਰ 3ਡੀ ਪ੍ਰੋਜੈਕਸ਼ਨ ਮੈਪਿੰਗ ਅਤੇ ਡਰੋਨ ਸ਼ੋਅ ਮੁੱਖ ਆਕਰਸ਼ਣ ਰਹਿਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH