
ਦੋਵੇਂ ਧਿਰਾਂ ਨੇ ਇੱਕ-ਦੂਜੇ 'ਤੇ ਲਾਏ ਦੋਸ਼, ਪੁਲਿਸ ਵੱਲੋਂ ਸੀਸੀਟੀਵੀ ਅਤੇ ਸਬੂਤਾਂ ਦੇ ਆਧਾਰ 'ਤੇ ਜਾਂਚ ਜਾਰੀ
ਕਪੂਰਥਲਾ, 15 ਜੁਲਾਈ (ਹਿੰ.ਸ.)| ਕਪੂਰਥਲਾ ਦੀ ਦਸ਼ਮੇਸ਼ ਨਗਰ ਕਲੋਨੀ ਵਿੱਚ ਦੇਰ ਰਾਤ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਅਤੇ ਇੱਕ ਹੋਰ ਧਿਰ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਸ਼ਰਾਬ ਠੇਕੇਦਾਰ ਦੇ ਦੋ ਕਰਿੰਦੇ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਉਨ੍ਹਾਂ ਦੀ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਸਿਟੀ ਥਾਣਾ ਦੇ ਐੱਸਐੱਚਓ ਅਮਨਦੀਪ ਨਾਹਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਘਟਨਾ ਸਥਾਨ ਤੋਂ ਤਿੰਨ ਖੋਲ ਵੀ ਬਰਾਮਦ ਕੀਤੇ ਹਨ।
ਸ਼ਰਾਬ ਠੇਕੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਉਸ ਦੇ ਕਰਿੰਦੇ ਗੁਰਵਿੰਦਰ ਸਿੰਘ ਅਤੇ ਨਿੰਦਰ ਸਿੰਘ ਕਾਰ ਵਿੱਚ ਸਵਾਰ ਹੋ ਕੇ ਦਸ਼ਮੇਸ਼ ਨਗਰ ਕਲੋਨੀ ਵਿੱਚ ਕਥਿਤ ਗੈਰ-ਕਾਨੂੰਨੀ ਸ਼ਰਾਬ ਵਿਕਰੀ ਦੀ ਸੂਚਨਾ ਦੀ ਜਾਂਚ ਲਈ ਗਏ ਸਨ।
ਉਨ੍ਹਾਂ ਦਾ ਦੋਸ਼ ਹੈ ਕਿ ਉੱਥੇ ਮੌਜੂਦ ਕੁਝ ਨੌਜਵਾਨਾਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਹਵਾਈ ਫਾਇਰਿੰਗ ਵੀ ਕੀਤੀ। ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਦੀ ਵੀ ਭੰਨਤੋੜ ਕੀਤੀ। ਹਮਲੇ ਵਿੱਚ ਜ਼ਖ਼ਮੀ ਹੋਏ ਗੁਰਵਿੰਦਰ ਸਿੰਘ ਅਤੇ ਨਿੰਦਰ ਸਿੰਘ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਦੂਜੇ ਪਾਸੇ, ਪੁਲਿਸ ਅਨੁਸਾਰ ਦੂਜੇ ਧਿਰ ਨੇ ਦੋਸ਼ ਲਾਇਆ ਹੈ ਕਿ ਹਵਾਈ ਫਾਇਰਿੰਗ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਕੀਤੀ ਗਈ ਸੀ।
ਐੱਸਐੱਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਪੁਲਿਸ ਦੋਵੇਂ ਧਿਰਾਂ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਮਾਮਲੇ ਵਿੱਚ ਸੀਸੀਟੀਵੀ ਫੁਟੇਜ, ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਦੋਵੇਂ ਪੱਖਾਂ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਅਤੇ ਤੱਥ ਸਾਹਮਣੇ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH