
ਸਿਵਲ ਸਰਜਨ ਤੋਂ ਤੱਥਾਂ ਆਧਾਰਿਤ ਰਿਪੋਰਟ ਤਲਬ, 5 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਲੁਧਿਆਣਾ, 15 ਜੁਲਾਈ (ਹਿੰ.ਸ.)| ਲੁਧਿਆਣਾ ਵਿੱਚ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵੱਲੋਂ ਕਥਿਤ ਤੌਰ 'ਤੇ ਕਰੀਬ ਅੱਠ ਘੰਟੇ ਤੱਕ ਲਾਸ਼ ਨਾ ਸੌਂਪਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਸੁਓ ਮੋਟੋ ਨੋਟਿਸ ਲੈਂਦਿਆਂ ਲੁਧਿਆਣਾ ਦੇ ਸਿਵਲ ਸਰਜਨ ਤੋਂ ਵਿਸਥਾਰਪੂਰਵਕ ਤੱਥਾਂ ਆਧਾਰਿਤ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਇਹ ਰਿਪੋਰਟ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਪੇਸ਼ ਕੀਤੀ ਜਾਵੇ।ਕਮਿਸ਼ਨ ਨੇ ਇਹ ਕਾਰਵਾਈ ਇੱਕ ਮੀਡੀਆ ਰਿਪੋਰਟ ਦੇ ਆਧਾਰ 'ਤੇ ਕੀਤੀ ਹੈ। ਰਿਪੋਰਟ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਸੜਕ ਹਾਦਸੇ ਵਿੱਚ ਜ਼ਖ਼ਮੀ ਨੌਜਵਾਨ ਦੀ ਮੌਤ ਤੋਂ ਬਾਅਦ ਨਿੱਜੀ ਹਸਪਤਾਲ ਨੇ ਕਰੀਬ 2.31 ਲੱਖ ਰੁਪਏ ਦਾ ਮੈਡੀਕਲ ਬਿੱਲ ਜਮ੍ਹਾਂ ਹੋਣ ਤੱਕ ਲਾਸ਼ ਪਰਿਵਾਰ ਨੂੰ ਨਹੀਂ ਸੌਂਪੀ। ਕਮਿਸ਼ਨ ਦੇ ਬੈਂਚ, ਜਿਸ ਵਿੱਚ ਜਸਟਿਸ ਸੰਤ ਪ੍ਰਕਾਸ਼, ਜਸਟਿਸ ਗੁਰਬੀਰ ਸਿੰਘ ਅਤੇ ਪਦਮਸ਼੍ਰੀ ਜਤਿੰਦਰ ਸਿੰਘ ਸ਼ਾਂਟੀ ਸ਼ਾਮਲ ਹਨ, ਨੇ ਮਾਮਲੇ ਨੂੰ ਗੰਭੀਰ ਮੰਨਦਿਆਂ ਸੁਓ ਮੋਟੋ ਸ਼ਿਕਾਇਤ ਦਰਜ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ।ਜਾਣਕਾਰੀ ਅਨੁਸਾਰ ਪਿੰਡ ਫੁੱਲਾਂਵਾਲ ਦਾ ਰਹਿਣ ਵਾਲਾ 22 ਸਾਲਾ ਬੂਟਾ ਸਿੰਘ 13 ਅਪ੍ਰੈਲ ਨੂੰ ਪਿੰਡ ਗਿੱਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਸ਼ੇਰਪੁਰ ਚੌਕ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਲੈ ਕੇ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੀਡੀਆ ਰਿਪੋਰਟ ਮੁਤਾਬਕ ਨੌਜਵਾਨ ਦੀ ਮੌਤ ਤੋਂ ਬਾਅਦ ਹਸਪਤਾਲ ਪ੍ਰਬੰਧਨ ਨੇ ਕਰੀਬ 2.31 ਲੱਖ ਰੁਪਏ ਦੇ ਮੈਡੀਕਲ ਬਿੱਲ ਦਾ ਭੁਗਤਾਨ ਕਰਨ ਦੀ ਮੰਗ ਕੀਤੀ। ਦੋਸ਼ ਹੈ ਕਿ ਆਰਥਿਕ ਤੰਗੀ ਕਾਰਨ ਪਰਿਵਾਰ ਤੁਰੰਤ ਇਹ ਰਕਮ ਇਕੱਠੀ ਨਹੀਂ ਕਰ ਸਕਿਆ ਅਤੇ ਕਰੀਬ ਅੱਠ ਘੰਟੇ ਤੱਕ ਲਾਸ਼ ਸੌਂਪਣ ਲਈ ਹਸਪਤਾਲ ਪ੍ਰਬੰਧਨ ਅੱਗੇ ਬੇਨਤੀ ਕਰਦਾ ਰਿਹਾ। ਬਾਅਦ ਵਿੱਚ ਕਾਫ਼ੀ ਯਤਨਾਂ ਤੋਂ ਬਾਅਦ ਹਸਪਤਾਲ ਨੇ ਲਾਸ਼ ਪਰਿਵਾਰ ਦੇ ਹਵਾਲੇ ਕੀਤੀ।ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਨੂੰ ਗੰਭੀਰ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਮੰਨਦਿਆਂ ਲੁਧਿਆਣਾ ਦੇ ਸਿਵਲ ਸਰਜਨ ਨੂੰ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਆਪਣੇ ਹੁਕਮਾਂ ਦੀ ਇੱਕ ਕਾਪੀ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਵੀ ਭੇਜੀ ਹੈ, ਤਾਂ ਜੋ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ 2026 ਨੂੰ ਹੋਵੇਗੀ। ਇਸ ਦੌਰਾਨ ਸਬੰਧਤ ਅਧਿਕਾਰੀ ਆਪਣੀ ਰਿਪੋਰਟ ਕਮਿਸ਼ਨ ਅੱਗੇ ਪੇਸ਼ ਕਰਨਗੇ, ਜਿਸ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH