
ਪੰਚਕੂਲਾ, 15 ਜੁਲਾਈ (ਹਿੰ.ਸ.)| ਪੰਚਕੂਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਰਾਈਮ ਬ੍ਰਾਂਚ-26 ਨੇ ਬਰਵਾਲਾ ਇਲਾਕੇ ਵਿੱਚ ਹੈਰੋਇਨ ਦੀ ਸਪਲਾਈ ਕਰਨ ਆਏ ਇੱਕ ਨੌਜਵਾਨ ਨੂੰ 321 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 60 ਤੋਂ 70 ਲੱਖ ਰੁਪਏ ਅੰਕੀ ਗਈ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਵੰਸ਼ ਗਰੋਵਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਪਾਣੀਪਤ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਜ਼ੀਰਕਪੁਰ ਵਿੱਚ ਰਹਿ ਰਿਹਾ ਸੀ। ਪੁਲਿਸ ਜਾਂਚ ਮੁਤਾਬਕ ਮੁਲਜ਼ਮ ਬਰਵਾਲਾ ਵਿੱਚ ਹੈਰੋਇਨ ਦੀ ਸਪਲਾਈ ਕਰਨ ਲਈ ਪਹੁੰਚਿਆ ਸੀ, ਜਿੱਥੇ ਕਰਾਈਮ ਬ੍ਰਾਂਚ-26 ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ।
ਕਰਾਈਮ ਬ੍ਰਾਂਚ-26 ਦੇ ਇੰਚਾਰਜ ਵਿਜੈ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਹੈਰੋਇਨ ਕਿਸ ਨੂੰ ਸਪਲਾਈ ਕਰਨ ਜਾ ਰਿਹਾ ਸੀ ਅਤੇ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪੰਜਾਬ ਤੋਂ ਹੈਰੋਇਨ ਲਿਆਉਂਦਾ ਸੀ। ਪੁਲਿਸ ਹੁਣ ਉਸ ਦੇ ਸਪਲਾਇਰਾਂ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਨਾਲ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH