
ਅੰਮ੍ਰਿਤਸਰ, 18 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਪਿੰਡ ਰੱਖ ਮਾਨਾਂਵਾਲਾ, ਸੁਰਜਨ ਸਿੰਘ ਵਾਲਾ ਅਤੇ ਨੰਗਲ ਗੁਰੂ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਹੈ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਸੁਣ ਕੇ ਸਬੰਧਤ ਅਧਿਕਾਰੀਆਂ ਰਾਹੀਂ ਜਲਦ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ।
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਜ਼ਿਕਰ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਖ਼ਤ ਕਦਮ ਚੁੱਕ ਰਹੀ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪ੍ਰਸ਼ਾਸਨ ਨਾਲ ਸਾਂਝੀ ਕਰਨ, ਤਾਂ ਜੋ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਿੰਡਾਂ ਦੇ ਵਿਕਾਸ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਆਗੂ ਅਤੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH