ਪੰਜਾਬ ਪੁਲਿਸ ਨੇ ‘ਆਪਰੇਸ਼ਨ ਪ੍ਰਹਾਰ-3.0’ ਤਹਿਤ 3949 ਮੁਲਜ਼ਮ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 18 ਜੁਲਾਈ (ਹਿੰ.ਸ.)| ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 16 ਦਿਨਾਂ ਦੇ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਿਤ ‘ਆਪਰੇਸ਼ਨ ਪ੍ਰਹਾਰ-3.0’ ਦੌਰਾਨ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਗੈਂਗਸਟਰ ਨੈੱਟਵਰਕਾਂ ਖ਼ਿਲਾਫ
ਡੀਜੀਪੀ ਗੌਰਵ ਯਾਦਵ ਜਾਣਕਾਰੀ ਦਿੰਦੇ ਹੋਏ।


ਚੰਡੀਗੜ੍ਹ, 18 ਜੁਲਾਈ (ਹਿੰ.ਸ.)| ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 16 ਦਿਨਾਂ ਦੇ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਿਤ ‘ਆਪਰੇਸ਼ਨ ਪ੍ਰਹਾਰ-3.0’ ਦੌਰਾਨ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਸੂਬੇ ਦੀਆਂ ਸਾਰੀਆਂ ਪੁਲਿਸ ਰੇਂਜਾਂ ਅਤੇ ਕਮਿਸ਼ਨਰੇਟਾਂ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਡਰੱਗ ਤਸਕਰਾਂ ਅਤੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 5,448 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਇਸ ਮੁਹਿੰਮ ਦਾ ਮਕਸਦ ਗੈਂਗਸਟਰ-ਡਰੱਗ ਗਠਜੋੜ ਨੂੰ ਤੋੜਨਾ, ਭਗੌੜੇ ਅਤੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨਾ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਸੀ।

ਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਦੌਰਾਨ 10,401 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ, ਜਦਕਿ ਸੂਬੇ ਭਰ ਵਿੱਚ 958 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਕਾਰਵਾਈ ਵਿੱਚ 3,949 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 42 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ, 1,201 ਨਸ਼ਾ ਤਸਕਰ, 119 ਭਗੌੜੇ ਅਪਰਾਧੀ ਅਤੇ 2,587 ਹੋਰ ਲੋੜੀਂਦੇ ਮੁਲਜ਼ਮ ਸ਼ਾਮਲ ਹਨ। ਇਸ ਤੋਂ ਇਲਾਵਾ 1,520 ਵਿਅਕਤੀਆਂ ਖ਼ਿਲਾਫ਼ ਰੋਕਥਾਮੀ ਕਾਰਵਾਈ ਕੀਤੀ ਗਈ ਅਤੇ 262 ਵਾਹਨ ਜ਼ਬਤ ਕੀਤੇ ਗਏ।

ਸਪੈਸ਼ਲ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਨੇ ਇਸ ਆਪਰੇਸ਼ਨ ਦੌਰਾਨ 12 ਹਥਿਆਰ, 10.47 ਕਿਲੋਗ੍ਰਾਮ ਹੈਰੋਇਨ, 1.50 ਕਿਲੋਗ੍ਰਾਮ ਅਫੀਮ, 30 ਕਿਲੋਗ੍ਰਾਮ ਗਾਂਜਾ, 259 ਕਿਲੋਗ੍ਰਾਮ ਭੁੱਕੀ, 21,746 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 646.25 ਲੀਟਰ ਲਾਹਣ, 1,243.5 ਲੀਟਰ ਨਾਜਾਇਜ਼ ਸ਼ਰਾਬ ਅਤੇ 4.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਜਬਰਨ ਵਸੂਲੀ, ਵਾਹਨ ਚੋਰੀ, ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ, ਫਾਰਮਾਸਿਊਟੀਕਲ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਅਤੇ ਨਕਲੀ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਈ ਅਪਰਾਧਿਕ ਮਾਡਿਊਲਾਂ ਦਾ ਵੀ ਪਰਦਾਫਾਸ਼ ਕੀਤਾ ਗਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਪੰਜਾਬ ਵਿੱਚੋਂ ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾਂਦੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਂਟੀ ਗੈਂਗਸਟਰ ਹੈਲਪਲਾਈਨ 93946-93946 ’ਤੇ ਗੁਪਤ ਤੌਰ ’ਤੇ ਅਪਰਾਧੀਆਂ ਸਬੰਧੀ ਜਾਣਕਾਰੀ ਸਾਂਝੀ ਕਰਨ।

ਡੀਜੀਪੀ ਨੇ ਆਪਰੇਸ਼ਨ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੀਆਂ ਪੁਲਿਸ ਯੂਨਿਟਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੁਫੀਆ ਜਾਣਕਾਰੀ ਅਧਾਰਿਤ ਪੁਲਿਸਿੰਗ ਅਤੇ ਆਪਸੀ ਤਾਲਮੇਲ ਨਾਲ ਪੰਜਾਬ ਨੂੰ ਸੰਗਠਿਤ ਅਪਰਾਧ ਅਤੇ ਨਸ਼ਿਆਂ ਦੇ ਖਤਰੇ ਤੋਂ ਮੁਕਤ ਕਰਨ ਦਾ ਟੀਚਾ ਹਾਸਲ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande