
ਫ਼ਰੀਦਕੋਟ, 18 ਜੁਲਾਈ (ਹਿੰ.ਸ.)| ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜਾਣਕਾਰੀ ਦਿੱਤੀ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੇ ਸੋਧੇ ਹੋਏ ਸ਼ਡਿਊਲ ਅਨੁਸਾਰ ਹੁਣ ਘਰ-ਘਰ ਸਰਵੇ (ਇਨਿਊਮੀਰੇਸ਼ਨ ਫੇਜ਼) 3 ਅਗਸਤ 2026 ਤੱਕ ਜਾਰੀ ਰਹੇਗਾ। ਇਸ ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ 19 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀਐਲਓ) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਜਿਨ੍ਹਾਂ ਬੂਥਾਂ 'ਤੇ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਹੋ ਚੁੱਕਾ ਹੈ, ਉੱਥੇ ਦਸਤਾਵੇਜ਼ਾਂ ਦੀ ਜਾਂਚ ਅਤੇ ਕਮੀਆਂ ਦੂਰ ਕਰਨ 'ਤੇ ਧਿਆਨ ਦਿੱਤਾ ਜਾਵੇਗਾ, ਜਦਕਿ ਬਾਕੀ ਰਹਿੰਦੇ ਬੂਥਾਂ 'ਤੇ ਫਾਰਮ ਇਕੱਤਰ ਕਰਨ ਅਤੇ ਡਿਜੀਟਾਈਜ਼ ਕਰਨ ਦਾ ਕੰਮ ਇੱਕੋ ਸਮੇਂ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਸਬੰਧੀ ਜਾਣਕਾਰੀ ਵੱਖ-ਵੱਖ ਮਾਧਿਅਮਾਂ ਰਾਹੀਂ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 19 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਪਹੁੰਚ ਕੇ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਆਪਣਾ ਵੇਰਵਾ ਸਮੇਂ ਸਿਰ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH