
ਚੰਡੀਗੜ੍ਹ, 18 ਜੁਲਾਈ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ-ਵਿਵਸਥਾ ਦਾ ਮਾਮਲਾ ਨਹੀਂ, ਸਗੋਂ ਸਮਾਜ, ਸੰਸਕਾਰ ਅਤੇ ਮਨੁੱਖਤਾ ਦੀ ਰੱਖਿਆ ਦੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿੱਖਿਆ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਕਿਉਂਕਿ ਤੰਦਰੁਸਤ, ਅਨੁਸ਼ਾਸਿਤ ਅਤੇ ਹੁਨਰਮੰਦ ਨੌਜਵਾਨ ਹੀ ਵਿਕਸਿਤ ਭਾਰਤ ਦੇ ਨਿਰਮਾਣ ਦੀ ਸਭ ਤੋਂ ਵੱਡੀ ਤਾਕਤ ਹਨ।ਮੁੱਖ ਮੰਤਰੀ ਸ਼ਨੀਵਾਰ ਨੂੰ ਕਰਨਾਲ ਸਥਿਤ ਹਰਿਆਣਾ ਪੁਲਿਸ ਅਕੈਡਮੀ, ਮਧੂਬਨ ਵਿਖੇ ਆਯੋਜਿਤ “ਇੱਕ ਪੁਲਿਸ, ਇੱਕ ਸੰਕਲਪ – ਡਰੱਗਜ਼ ਮੁਕਤ ਹਰਿਆਣਾ” ਪ੍ਰੋਗਰਾਮ ਵਿੱਚ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਜਨ ਭਾਗੀਦਾਰੀ ਨਾਲ ਵੱਡੀ ਮੁਹਿੰਮ ਚਲਾਈ ਜਾਵੇਗੀ ਅਤੇ ਹਰ ਥਾਣਾ ਨਸ਼ਾ ਮੁਕਤ ਸਮਾਜ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਕਈ ਪਰਿਵਾਰਾਂ ਨੂੰ ਤਬਾਹ ਕਰ ਰਿਹਾ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਇਸ ਲਈ ਨਸ਼ਾ ਮੁਕਤ ਹਰਿਆਣਾ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨਾ ਜ਼ਰੂਰੀ ਹੈ।ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਹਰ ਥਾਣਾ ਆਪਣੇ ਖੇਤਰ ਦੇ ਸਕੂਲਾਂ, ਕਾਲਜਾਂ, ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਯੁਵਾ ਸੰਗਠਨਾਂ ਨਾਲ ਮਿਲ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇ। ਉਨ੍ਹਾਂ ਕਿਹਾ ਕਿ ਅੱਜ ਨਸ਼ਾ ਤਸਕਰ ਆਧੁਨਿਕ ਤਕਨੀਕ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ, ਇਸ ਲਈ ਪੁਲਿਸ ਨੂੰ ਵੀ ਤਕਨੀਕੀ ਤੌਰ ’ਤੇ ਹੋਰ ਮਜ਼ਬੂਤ ਹੋਣਾ ਪਵੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਜ਼ਿਲ੍ਹਾ, ਸਬ-ਡਿਵੀਜ਼ਨ, ਬਲਾਕ, ਪਿੰਡ ਅਤੇ ਵਾਰਡ ਪੱਧਰ ’ਤੇ ਨਸ਼ਾ ਮੁਕਤੀ ਟਾਸਕ ਫੋਰਸ ਬਣਾਈ ਜਾਵੇਗੀ। ਇਸ ਵਿੱਚ ਪੁਲਿਸ, ਸਿਹਤ, ਸਿੱਖਿਆ ਅਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਨੇ ਸੁਪਰ-100 ਪ੍ਰੋਗਰਾਮ ਦੇ ਨੀਟ ਪ੍ਰੀਖਿਆ ਵਿੱਚ ਸਫਲ ਰਹੇ 70 ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਸਰਕਾਰ ਵੱਲੋਂ ਪ੍ਰਤਿਭਾਸ਼ਾਲੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮੌਕਿਆਂ ਦਾ ਨਤੀਜਾ ਹੈ।ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਦੀਆਂ ਮੰਗਾਂ ’ਤੇ ਕਈ ਐਲਾਨ ਵੀ ਕੀਤੇ। ਉਨ੍ਹਾਂ ਕਿਹਾ ਕਿ ਜਾਂਚ ਕਾਰਜਾਂ ਲਈ ਉਪਲਬਧ ਰਕਮ ਵਧਾ ਕੇ 10 ਕਰੋੜ ਰੁਪਏ ਕੀਤੀ ਜਾਵੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਲਈ ਵਿਸ਼ੇਸ਼ ਇਨਾਮ ਨੀਤੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਨਸ਼ਾ ਮੁਕਤੀ ਕੇਂਦਰਾਂ ਦੇ ਵਿਸਥਾਰ ਅਤੇ ਪੁਲਿਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵੀ ਜ਼ੋਰ ਦਿੱਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਥਾਣਾ ਇੰਚਾਰਜ ਆਪਣੇ ਖੇਤਰ ਨੂੰ ਪ੍ਰਭਾਵੀ ਢੰਗ ਨਾਲ ਨਸ਼ਾ ਮੁਕਤ ਬਣਾਉਣ ਵਿੱਚ ਸਫਲ ਰਹਿਣਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰਦੇ ਹੋਏ ਨਸ਼ਾ ਮੁਕਤ ਹਰਿਆਣਾ ਦੇ ਟੀਚੇ ਨੂੰ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH