
ਫਰੀਦਕੋਟ, 19 ਜੁਲਾਈ (ਹਿੰ.ਸ.)| ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਵੱਖ-ਵੱਖ ਬੈਰਕਾਂ ਦੀ ਅਚਨਚੇਤ ਤਲਾਸ਼ੀ ਦੌਰਾਨ ਪੰਜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਫਰੀਦਕੋਟ ਪੁਲਿਸ ਨੇ ਪੰਜ ਹਵਾਲਾਤੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜੇਲ੍ਹ ਦੇ ਸਹਾਇਕ ਸੁਪਰਡੈਂਟ ਵੀਰਪਾਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਸੁਪਰਡੈਂਟ ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਕਰਮਚਾਰੀਆਂ ਵੱਲੋਂ ਸਮੇਂ-ਸਮੇਂ 'ਤੇ ਵੱਖ-ਵੱਖ ਬੈਰਕਾਂ ਅਤੇ ਪੂਰੇ ਜੇਲ੍ਹ ਕੰਪਲੈਕਸ ਦੀ ਤਲਾਸ਼ੀ ਲਈ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਸ਼ਨੀਵਾਰ ਰਾਤ ਕੀਤੀ ਗਈ ਅਚਨਚੇਤ ਜਾਂਚ ਦੌਰਾਨ ਮੋਗਾ ਦੇ ਰਹਿਣ ਵਾਲੇ ਹਵਾਲਾਤੀ ਸੂਰਜ, ਮਲਕੀਤ ਸਿੰਘ ਉਰਫ਼ ਮੰਨੂ, ਹਰਮਲ ਸਿੰਘ ਉਰਫ਼ ਹਰਮਲ, ਫਾਜ਼ਿਲਕਾ ਦੇ ਰਹਿਣ ਵਾਲੇ ਬਲਜੀਤ ਸਿੰਘ ਅਤੇ ਕੋਟਕਪੂਰਾ ਦੇ ਰਹਿਣ ਵਾਲੇ ਲੱਕੀ ਦੇ ਕਬਜ਼ੇ ਵਿੱਚੋਂ ਕੁੱਲ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ।ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਫਰੀਦਕੋਟ ਪੁਲਿਸ ਨੇ ਪੰਜਾਂ ਹਵਾਲਾਤੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਮਾਮਲੇ ਦੀ ਜਾਂਚ ਕਰ ਰਹੇ ਜੇਲ੍ਹ ਇਨਵੈਸਟੀਗੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਮੋਬਾਈਲ ਫੋਨ ਜੇਲ੍ਹ ਅੰਦਰ ਕਿਸ ਤਰੀਕੇ ਨਾਲ ਪਹੁੰਚੇ। ਜੇਕਰ ਜਾਂਚ ਵਿੱਚ ਕਿਸੇ ਜੇਲ੍ਹ ਅਧਿਕਾਰੀ ਜਾਂ ਕਰਮਚਾਰੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH