
ਅੰਮ੍ਰਿਤਸਰ, 19 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੀਐਮ ਦੀ ਯੋਗਸ਼ਾਲਾ ਲੋਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਲਈ ਵੀ ਵਰਦਾਨ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ 'ਤੇ ਸ਼ੁਰੂ ਕੀਤੀ ਇਸ ਯੋਜਨਾ ਅਧੀਨ ਅੰਮ੍ਰਿਤਸਰ ਵਿੱਚ ਰੋਜ਼ਾਨਾ 600 ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 65 ਯੋਗ ਟ੍ਰੇਨਰ ਅਤੇ 163 ਟ੍ਰੇਨਰ ਵਿਦਿਆਰਥੀ ਸੇਵਾਵਾਂ ਨਿਭਾ ਰਹੇ ਹਨ। ਇਨ੍ਹਾਂ ਵਿੱਚੋਂ 350 ਕਲਾਸਾਂ ਸ਼ਹਿਰੀ ਖੇਤਰਾਂ ਅਤੇ ਲਗਭਗ 250 ਕਲਾਸਾਂ ਪੇਂਡੂ ਖੇਤਰਾਂ ਵਿੱਚ ਸਵੇਰੇ ਅਤੇ ਸ਼ਾਮ ਦੇ ਸਮੇਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਉਮਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋ ਕੇ ਯੋਗ ਰਾਹੀਂ ਆਪਣੇ ਆਪ ਨੂੰ ਤੰਦਰੁਸਤ ਅਤੇ ਨਿਰੋਗ ਬਣਾ ਰਹੇ ਹਨ।ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਨਿਯਮਿਤ ਤੌਰ 'ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿੱਥੇ ਯੋਗ ਅਭਿਆਸ ਰਾਹੀਂ ਨਸ਼ਾ ਛੱਡਣ ਵਾਲੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸੀਐਮ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਨਦੀਪ ਸਿੰਘ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਨਸ਼ੇ ਦੀ ਲਤ ਦਾ ਸ਼ਿਕਾਰ ਲੋਕਾਂ ਨੂੰ ਨਵਾਂ ਜੀਵਨ ਦੇਣਾ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਯੋਗ ਰਾਹੀਂ ਕਈ ਲੋਕ ਆਮ ਜੀਵਨ ਵੱਲ ਵਾਪਸ ਪਰਤ ਰਹੇ ਹਨ ਅਤੇ ਇਹ ਮੁਹਿੰਮ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਸੀਐਮ ਦੀ ਯੋਗਸ਼ਾਲਾ ਦੀ ਵੈੱਬਸਾਈਟ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਆਪਣੇ ਮੁਹੱਲੇ ਵਿੱਚ ਯੋਗ ਕਲਾਸ ਸ਼ੁਰੂ ਕਰਵਾਉਣ ਲਈ 76694-00500 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੁੜ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH