
ਚੰਡੀਗੜ੍ਹ, 19 ਜੁਲਾਈ (ਹਿੰ.ਸ.)| ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀਈਓ) ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਗਣਨਾ ਫਾਰਮਾਂ ਦਾ ਡਿਜੀਟਾਈਜ਼ੇਸ਼ਨ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ 'ਤੇ ਸ਼ਲਾਘਾ ਕੀਤੀ ਹੈ।ਸੀਈਓ ਨੇ ਕਿਹਾ ਕਿ ਇਹ ਉਪਲਬਧੀ ਚੋਣ ਅਮਲੇ ਦੀ ਮਿਹਨਤ, ਸਮਰਪਣ ਅਤੇ ਮਿਸ਼ਨ ਮੋਡ ਵਿੱਚ ਕੀਤੇ ਗਏ ਕੰਮ ਦਾ ਨਤੀਜਾ ਹੈ। ਉਨ੍ਹਾਂ ਜ਼ਿਲ੍ਹਾ ਚੋਣ ਅਧਿਕਾਰੀ, ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਈਆਰਓ), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਏਈਆਰਓ) ਅਤੇ ਬੂਥ ਲੈਵਲ ਅਫ਼ਸਰਾਂ (ਬੀਐਲਓ) ਵੱਲੋਂ ਨਿਭਾਈ ਗਈ ਭੂਮਿਕਾ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਕੀਤੀ।ਅਨਿੰਦਿਤਾ ਮਿਤਰਾ ਨੇ ਕਿਹਾ ਕਿ ਬਲਾਚੌਰ ਵਿਧਾਨ ਸਭਾ ਹਲਕੇ ਦੀ ਇਹ ਸਫ਼ਲਤਾ ਸੂਬੇ ਦੇ ਹੋਰ ਵਿਧਾਨ ਸਭਾ ਹਲਕਿਆਂ ਲਈ ਵੀ ਇੱਕ ਮਿਸਾਲ ਬਣੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹੇ ਵੀ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਪੂਰਾ ਕਰ ਲੈਣਗੇ।ਮੁੱਖ ਚੋਣ ਅਫ਼ਸਰ ਨੇ ਇਸ ਮੌਕੇ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਕੋਲ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਬਿਨਾਂ ਦੇਰੀ ਆਪਣੇ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸਮੇਂ ਸਿਰ ਗਣਨਾ ਫਾਰਮ ਜਮ੍ਹਾਂ ਕਰਵਾਉਣ ਨਾਲ ਵੋਟਰਾਂ ਦੇ ਨਾਮ ਵੋਟਰ ਸੂਚੀ ਦੇ ਖਰੜੇ ਵਿੱਚ ਸਹੀ ਢੰਗ ਨਾਲ ਦਰਜ ਕੀਤੇ ਜਾ ਸਕਣਗੇ।ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਸਹੀ ਅਤੇ ਅਪਡੇਟ ਬਣਾਉਣਾ ਹੈ, ਜਿਸ ਵਿੱਚ ਹਰ ਯੋਗ ਵੋਟਰ ਦੀ ਸ਼ਮੂਲੀਅਤ ਬਹੁਤ ਮਹੱਤਵਪੂਰਨ ਹੈ। ਸੀਈਓ ਨੇ ਸਾਰੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਆਪਣੇ ਵੇਰਵੇ ਸਮੇਂ ਸਿਰ ਦਰੁਸਤ ਕਰਵਾਉਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH