
ਗੁਰਦਾਸਪੁਰ, 19 ਜੁਲਾਈ (ਹਿੰ.ਸ.)| ਗੁਰਦਾਸਪੁਰ ਦੇ ਉੱਦੋਵਾਲੀ ਨਹਿਰ ਵਿੱਚੋਂ ਇੱਕ 45 ਸਾਲਾ ਲਾਪਤਾ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਡ ਕੋਟ ਖਜ਼ਾਨਾ ਵਾਸੀ ਸੁਰਜੀਤ ਸਿੰਘ ਉਰਫ਼ ਗੋਰਾ ਵਜੋਂ ਹੋਈ ਹੈ, ਜੋ ਪਿਛਲੇ ਪੰਜ ਦਿਨਾਂ ਤੋਂ ਲਾਪਤਾ ਸੀ। ਪਰਿਵਾਰਕ ਮੈਂਬਰਾਂ ਨੇ ਉਸ ਦੀ ਹੱਤਿਆ ਕੀਤੇ ਜਾਣ ਦਾ ਸ਼ੱਕ ਜਤਾਇਆ ਹੈ।ਜਾਣਕਾਰੀ ਅਨੁਸਾਰ ਨਹਿਰ ਵਿਭਾਗ ਦੀ ਅਲੀਵਾਲ ਸਬ-ਡਿਵੀਜ਼ਨ ਅਧੀਨ ਆਉਂਦੀ ਰਜਬਾਹਾ ਉੱਦੋਵਾਲੀ ਨੇੜੇ ਪਿੰਡ ਪੱਡੇ ਕੋਲ ਨਹਿਰ ਵਿੱਚੋਂ ਲਾਸ਼ ਮਿਲਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ।ਪਰਿਵਾਰਕ ਮੈਂਬਰ ਜਗਦੀਪ ਸਿੰਘ ਅਤੇ ਗੱਜਣ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਉਰਫ਼ ਗੋਰਾ 17 ਜੁਲਾਈ ਤੋਂ ਲਾਪਤਾ ਸੀ। ਪਰਿਵਾਰ ਵੱਲੋਂ ਅਲੀਵਾਲ ਥਾਣੇ ਵਿੱਚ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ ਅਤੇ ਵੱਖ-ਵੱਖ ਥਾਵਾਂ 'ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ।ਅੱਜ ਪਿੰਡ ਪੱਡਾ ਨੇੜੇ ਨਹਿਰ ਵਿੱਚੋਂ ਉਸ ਦੀ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਸੁਰਜੀਤ ਸਿੰਘ ਦੀ ਹੱਤਿਆ ਕੀਤੇ ਜਾਣ ਦਾ ਸ਼ੱਕ ਜਤਾਇਆ ਹੈ।ਥਾਣਾ ਡੇਰਾ ਬਾਬਾ ਨਾਨਕ ਦੇ ਅਧਿਕਾਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH