
ਮੋਹਾਲੀ, 19 ਜੁਲਾਈ (ਹਿੰ.ਸ.)| ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਵੱਲੋਂ ਮੋਹਾਲੀ ਹਲਕੇ ਦੇ ਅੱਠ ਪਿੰਡਾਂ ਦੀ 3864 ਏਕੜ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ 20 ਜੁਲਾਈ ਨੂੰ ਕਿਸਾਨਾਂ ਵੱਲੋਂ ਗਮਾਡਾ ਦਫ਼ਤਰ ਦੇ ਕੀਤੇ ਜਾ ਰਹੇ ਘਿਰਾਓ ਵਿੱਚ ਕਾਂਗਰਸੀ ਵਰਕਰਾਂ ਸਮੇਤ ਸ਼ਾਮਲ ਹੋਣਗੇ।ਬਲਬੀਰ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ਨੂੰ ਸਵਾਲ ਕੀਤਾ ਕਿ ਏਅਰੋਟ੍ਰੋਪੋਲਿਸ ਦੇ ਵਿਸਥਾਰ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਕੀ ਗਮਾਡਾ ਵੱਲੋਂ ਇਸ ਗੱਲ ਦਾ ਕੋਈ ਸਰਵੇਖਣ ਕੀਤਾ ਗਿਆ ਸੀ ਕਿ ਇਲਾਕੇ ਵਿੱਚ ਨਵੀਆਂ ਰਿਹਾਇਸ਼ੀ ਕਾਲੋਨੀਆਂ ਦੀ ਅਸਲ ਲੋੜ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਏਅਰੋਟ੍ਰੋਪੋਲਿਸ ਦੇ ਪਹਿਲੇ ਪੜਾਅ ਦੇ ਕਈ ਵਿਕਾਸ ਕਾਰਜ ਅਜੇ ਤੱਕ ਪੂਰੇ ਨਹੀਂ ਹੋਏ, ਪਰ ਸਰਕਾਰ ਨੇ ਹੋਰ ਜ਼ਮੀਨ ਇਕੱਠੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਸਿੱਧੂ ਨੇ ਦੋਸ਼ ਲਗਾਇਆ ਕਿ ਸਰਕਾਰ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀ ਜ਼ਮੀਨ ਹਾਸਲ ਕਰਕੇ ਮੁਨਾਫ਼ਾ ਕਮਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਆਮ ਲੋਕਾਂ ਜਾਂ ਘਰ ਬਣਾਉਣ ਵਾਲੇ ਪਰਿਵਾਰਾਂ ਨੂੰ ਕੋਈ ਖ਼ਾਸ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅੱਠ ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚੋਂ ਛੇ ਪਿੰਡਾਂ—ਕੁਰੜੀ, ਬੜੀ, ਮਟਰਾਂ, ਪੱਤੋ, ਸਿਆਊ ਅਤੇ ਬਾਕਰਪੁਰ—ਵਿੱਚ ਖੇਤੀ ਲਈ ਲਗਭਗ ਕੋਈ ਜ਼ਮੀਨ ਨਹੀਂ ਬਚੇਗੀ, ਜਦਕਿ ਛੱਤ ਅਤੇ ਕਿਸ਼ਨਪੁਰਾ ਵਿੱਚ ਵੀ ਬਹੁਤ ਘੱਟ ਜ਼ਮੀਨ ਬਚੇਗੀ।ਉਨ੍ਹਾਂ ਕਿਹਾ ਕਿ ਗਮਾਡਾ ਦਾ ਮਕਸਦ ਲੋਕਾਂ ਨੂੰ ਵਾਜਬ ਕੀਮਤ 'ਤੇ ਰਿਹਾਇਸ਼ ਮੁਹੱਈਆ ਕਰਵਾਉਣਾ ਸੀ, ਪਰ ਹੁਣ ਇਸ ਦੀਆਂ ਨੀਤੀਆਂ ਲੋਕ ਵਿਰੋਧੀ ਬਣਦੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਹਰ ਪੱਧਰ 'ਤੇ ਉਨ੍ਹਾਂ ਦਾ ਸਾਥ ਦੇਵੇਗੀ। ਬਲਬੀਰ ਸਿੰਘ ਸਿੱਧੂ ਨੇ ਇਹ ਵੀ ਕਿਹਾ ਕਿ ਕਾਂਗਰਸ ਇਸ ਮੁੱਦੇ ਨੂੰ ਆਉਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਵੀ ਉਠਾਏਗੀ।
ਹਿੰਦੂਸਥਾਨ ਸਮਾਚਾਰ / GURSHARAN SINGH