
ਮੋਗਾ, 19 ਜੁਲਾਈ (ਹਿੰ.ਸ.)| ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਥਾਣਾ ਫਤੇਹਗੜ੍ਹ ਪੰਜਤੂਰ ਖੇਤਰ ਤੋਂ 60 ਕਿਲੋਗ੍ਰਾਮ ਡੋਡਾ ਚੂਰਾ ਪੋਸਤ ਸਮੇਤ ਇੱਕ ਕਥਿਤ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰੀ ਲਈ ਵਰਤੀ ਜਾ ਰਹੀ ਮਾਰੂਤੀ ਐੱਸਐਕਸ-4 ਕਾਰ ਵੀ ਜ਼ਬਤ ਕਰ ਲਈ ਗਈ ਹੈ।
ਇਹ ਕਾਰਵਾਈ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਮੋਗਾ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਪੀ (ਇਨਵੈਸਟੀਗੇਸ਼ਨ) ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀਐੱਸਪੀ ਧਰਮਕੋਟ ਸੁਖਵਿੰਦਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਕੀਤੀ ਗਈ। ਥਾਣਾ ਫਤੇਹਗੜ੍ਹ ਪੰਜਤੂਰ ਦੇ ਮੁਖੀ ਬਲਵਿੰਦਰ ਸਿੰਘ ਆਪਣੀ ਪੁਲਿਸ ਟੀਮ ਨਾਲ ਜੋਗੇਵਾਲਾ ਰੋਡ 'ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸਨ।
ਇਸ ਦੌਰਾਨ ਪੁਲਿਸ ਨੂੰ ਇੱਕ ਭਰੋਸੇਯੋਗ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਬੋਗੇਵਾਲਾ ਵਾਸੀ ਲਵਪ੍ਰੀਤ ਸਿੰਘ ਉਰਫ਼ ਲਵ ਆਪਣੀ ਮਾਰੂਤੀ ਐੱਸਐਕਸ-4 ਕਾਰ ਵਿੱਚ ਡੋਡਾ ਚੂਰਾ ਪੋਸਤ ਦੀ ਖੇਪ ਲੈ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰ ਲਿਆ।
ਕਾਰ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 60 ਕਿਲੋਗ੍ਰਾਮ ਡੋਡਾ ਚੂਰਾ ਪੋਸਤ ਬਰਾਮਦ ਹੋਇਆ, ਜਿਸ ਨੂੰ ਪੁਲਿਸ ਨੇ ਜ਼ਬਤ ਕਰ ਲਿਆ। ਇਸ ਸਬੰਧੀ ਥਾਣਾ ਫਤੇਹਗੜ੍ਹ ਪੰਜਤੂਰ ਵਿੱਚ ਐਫਆਈਆਰ ਨੰਬਰ 58 ਤਹਿਤ ਐਨਡੀਪੀਐੱਸ ਐਕਟ ਦੀਆਂ ਧਾਰਾਵਾਂ 15, 61 ਅਤੇ 85 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ। ਜਾਂਚ ਦੌਰਾਨ ਮੁਲਜ਼ਮ ਦੇ ਪਿੱਛੇ ਅਤੇ ਅੱਗੇ ਦੇ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH