
ਚੰਡੀਗੜ੍ਹ, 19 ਜੁਲਾਈ (ਹਿੰ.ਸ.)|ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਨਾਗਰਿਕਾਂ ਦੀ ਵਿੱਤੀ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ ਵੱਡੀ ਰਕਮ ਜਾਰੀ ਕੀਤੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਯੋਜਨਾ ਲਈ 1,423.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀ ਵਿਰਾਸਤ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕਰੀਬ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਇਹ ਯੋਜਨਾ ਸੂਬੇ ਦੀਆਂ ਸਭ ਤੋਂ ਵੱਡੀਆਂ ਸਮਾਜਿਕ ਭਲਾਈ ਸਕੀਮਾਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿਸ ਰਾਹੀਂ ਲੱਖਾਂ ਬਜ਼ੁਰਗਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਮਿਲ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ ਕੁੱਲ 4,000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਪੈਨਸ਼ਨ ਦੀ ਸਹੂਲਤ ਮਿਲ ਸਕੇ। ਉਨ੍ਹਾਂ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯੋਗ ਬਜ਼ੁਰਗਾਂ ਤੱਕ ਪੈਨਸ਼ਨ ਦੀ ਰਕਮ ਪਹੁੰਚਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਨਵੀਆਂ ਅਰਜ਼ੀਆਂ ਦਾ ਨਿਪਟਾਰਾ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਇਸ ਦੇ ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਯੋਗ ਬਜ਼ੁਰਗ ਨੂੰ ਜਾਣਕਾਰੀ ਦੀ ਘਾਟ ਜਾਂ ਦਫ਼ਤਰੀ ਦੇਰੀ ਕਾਰਨ ਸਕੀਮ ਤੋਂ ਵਾਂਝਾ ਨਾ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈਣ ਲਈ ਪੰਜਾਬ ਦੇ ਪੱਕੇ ਨਿਵਾਸੀ ਨਿਰਧਾਰਿਤ ਸ਼ਰਤਾਂ ਪੂਰੀਆਂ ਕਰਦੇ ਹੋਣੇ ਚਾਹੀਦੇ ਹਨ। ਇਸ ਤਹਿਤ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰਦ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਯੋਗ ਹਨ, ਜਿਨ੍ਹਾਂ ਦੀ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 60,000 ਰੁਪਏ ਤੋਂ ਵੱਧ ਨਾ ਹੋਵੇ।
ਉਨ੍ਹਾਂ ਯੋਗ ਸੀਨੀਅਰ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਅਜੇ ਤੱਕ ਇਸ ਯੋਜਨਾ ਨਾਲ ਨਹੀਂ ਜੁੜੇ, ਉਹ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਸ ਸਮਾਜਿਕ ਸੁਰੱਖਿਆ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ-ਪੱਖੀ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਲਗਾਤਾਰ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH