
ਆਵਾਜਾਈ ਸੁਚਾਰੂ ਹੋਵੇਗੀ, ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘਪਟਿਆਲਾ, 19 ਜੁਲਾਈ (ਹਿੰ.ਸ.)| ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਯਤਨਾਂ ਸਦਕਾ ਪਟਿਆਲਾ ਦੇ ਤ੍ਰਿਪੜੀ ਇਲਾਕੇ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਕ ਵੱਡੀ ਸਮੱਸਿਆ ਦਾ ਹੱਲ ਹੋ ਗਿਆ ਹੈ। ਇਲਾਕੇ ਦੀ ਸੜਕ 'ਤੇ ਸਾਲਾਂ ਤੋਂ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਹਨ, ਜਿਸ ਨਾਲ ਆਵਾਜਾਈ ਸੁਚਾਰੂ ਹੋਣ ਦੇ ਨਾਲ-ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।ਇਸ ਸੜਕ 'ਤੇ ਨਾਜਾਇਜ਼ ਕਬਜ਼ਿਆਂ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਪਟਿਆਲਾ ਅਤੇ ਸਬੰਧਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਕਰਕੇ ਕਾਰਵਾਈ ਕਰਵਾਈ, ਜਿਸ ਦੇ ਨਤੀਜੇ ਵਜੋਂ ਨਾਜਾਇਜ਼ ਕਬਜ਼ੇ ਹਟਾਏ ਗਏ।ਕਾਰਵਾਈ ਤੋਂ ਬਾਅਦ ਇਲਾਕਾ ਵਾਸੀਆਂ ਨੇ ਢੋਲ ਵਜਾ ਕੇ ਅਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਲੋਕਾਂ ਨੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਸੜਕ ਨੂੰ ਖੁੱਲ੍ਹਾ ਕਰਵਾਉਣ ਦਾ ਕੰਮ ਨਹੀਂ, ਸਗੋਂ ਇਲਾਕੇ ਦੇ ਵਿਕਾਸ ਅਤੇ ਸੁਚੱਜੇ ਪ੍ਰਸ਼ਾਸਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਨਾਲ ਟ੍ਰੈਫਿਕ ਪ੍ਰਬੰਧ ਵਿੱਚ ਸੁਧਾਰ ਆਵੇਗਾ, ਹਾਦਸਿਆਂ ਦੀ ਸੰਭਾਵਨਾ ਘਟੇਗੀ ਅਤੇ ਸਥਾਨਕ ਵਪਾਰ ਨੂੰ ਵੀ ਫ਼ਾਇਦਾ ਹੋਵੇਗਾ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਹਰ ਇਲਾਕੇ ਦਾ ਯੋਜਨਾਬੱਧ ਅਤੇ ਸੰਤੁਲਿਤ ਵਿਕਾਸ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਨਗਰ ਨਿਗਮ ਪਟਿਆਲਾ ਅਤੇ ਸਬੰਧਤ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।ਇਲਾਕਾ ਵਾਸੀਆਂ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਤ੍ਰਿਪੜੀ ਸਮੇਤ ਪਟਿਆਲਾ ਦੇ ਹੋਰ ਇਲਾਕਿਆਂ ਵਿੱਚ ਵੀ ਬੁਨਿਆਦੀ ਸਹੂਲਤਾਂ ਹੋਰ ਮਜ਼ਬੂਤ ਹੋ ਸਕਣ।
ਹਿੰਦੂਸਥਾਨ ਸਮਾਚਾਰ / GURSHARAN SINGH