
ਅੰਮ੍ਰਿਤਸਰ, 19 ਜੁਲਾਈ (ਹਿੰ.ਸ.)| ਕੇਂਦਰੀ ਖੁਰਾਕ ਪ੍ਰੋਸੈਸਿੰਗ ਉਦਯੋਗ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪ੍ਰਧਾਨ ਚਿਰਾਗ ਪਾਸਵਾਨ ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਦੇਸ਼ ਅਤੇ ਦੁਨੀਆ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੁਰੂ ਘਰ ਪਹੁੰਚਣ ਸਮੇਂ ਉਨ੍ਹਾਂ ਨੇ ਸਨਮਾਨ ਵਜੋਂ ਦਸਤਾਰ ਵੀ ਸਜਾਈ।ਮੀਡੀਆ ਨਾਲ ਗੱਲਬਾਤ ਕਰਦਿਆਂ ਚਿਰਾਗ ਪਾਸਵਾਨ ਨੇ ਕਿਹਾ ਕਿ ਜਦੋਂ ਵੀ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ ਤਾਂ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਅਤੇ ਨਵੀਂ ਊਰਜਾ ਦਾ ਅਨੁਭਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਅਤੇ ਸਮਾਜ ਸਾਹਮਣੇ ਕਈ ਚੁਣੌਤੀਆਂ ਹਨ, ਜਿਨ੍ਹਾਂ ਦਾ ਸਾਹਮਣਾ ਕਰਨ ਲਈ ਤਾਕਤ ਅਤੇ ਸਦਬੁੱਧੀ ਦੀ ਲੋੜ ਹੈ ਅਤੇ ਇਸੇ ਭਾਵਨਾ ਨਾਲ ਉਹ ਗੁਰੂ ਘਰ ਵਿੱਚ ਅਰਦਾਸ ਕਰਨ ਆਏ ਹਨ।ਚਿਰਾਗ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਥਾਪਕ ਸਵਰਗੀ ਰਾਮ ਵਿਲਾਸ ਪਾਸਵਾਨ ਉਨ੍ਹਾਂ ਦੇ ਆਦਰਸ਼ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਦੇਸ਼ ਭਰ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕਰ ਰਹੀ ਹੈ ਅਤੇ ਪੰਜਾਬ ਵਿੱਚ ਵੀ ਨਵੀਂ ਸੋਚ ਨਾਲ ਲੋਕਾਂ ਵਿੱਚ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨੂੰ ਸਾਲਾਂ ਤੋਂ ਉਸ ਦਾ ਬਣਦਾ ਹੱਕ ਨਹੀਂ ਮਿਲਿਆ। ਉਨ੍ਹਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਵਰਗੇ ਅਹਿਮ ਖੇਤਰਾਂ ਵਿੱਚ ਉਮੀਦਾਂ ਮੁਤਾਬਕ ਕੰਮ ਨਹੀਂ ਹੋਇਆ।ਜੰਤਰ-ਮੰਤਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਚਿਰਾਗ ਪਾਸਵਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਧਰਨਾ-ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੱਸਿਆ ਦਾ ਸਥਾਈ ਹੱਲ ਟਕਰਾਅ ਨਾਲ ਨਹੀਂ, ਸਗੋਂ ਸਰਕਾਰ ਅਤੇ ਸੰਬੰਧਿਤ ਧਿਰਾਂ ਵਿਚਾਲੇ ਸਕਾਰਾਤਮਕ ਗੱਲਬਾਤ ਰਾਹੀਂ ਹੀ ਨਿਕਲ ਸਕਦਾ ਹੈ।ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਪਾਰਦਰਸ਼ਤਾ ਦੀ ਲੋੜ ਹੋ ਸਕਦੀ ਹੈ, ਪਰ ਕੁਝ ਸਿਆਸੀ ਪਾਰਟੀਆਂ ਅਜਿਹੇ ਮੁੱਦਿਆਂ ਨੂੰ ਰਾਜਨੀਤਿਕ ਲਾਭ ਲਈ ਵਰਤਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇਂਦੇ ਹੋਏ ਸੰਵਾਦ ਰਾਹੀਂ ਹੀ ਹਰ ਸਮੱਸਿਆ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH