
ਚੰਡੀਗੜ੍ਹ, 19 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਨਰੇਗਾ ਦੀ ਥਾਂ ਲਾਗੂ ਕੀਤੀ ਗਈ ਨਵੀਂ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਕੀਮ ਤਹਿਤ ਪੇਂਡੂ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਨਿਰੰਤਰਤਾ ਦੇ ਨਾਲ ਵਿਕਾਸ ਕਾਰਜਾਂ ਨੂੰ ਵੀ ਬਿਨਾਂ ਰੁਕਾਵਟ ਜਾਰੀ ਰੱਖਿਆ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਮਨਰੇਗਾ ਯੋਜਨਾ 30 ਜੂਨ 2026 ਤੱਕ ਲਾਗੂ ਰਹੀ, ਜਦਕਿ 1 ਜੁਲਾਈ 2026 ਤੋਂ ਵੀਬੀ ਜੀ ਰਾਮ ਜੀ ਸਕੀਮ ਸ਼ੁਰੂ ਹੋ ਗਈ ਹੈ। ਨਵੀਂ ਯੋਜਨਾ ਅਧੀਨ ਤਨਖ਼ਾਹਾਂ, ਉਜਰਤਾਂ ਅਤੇ ਸਮੱਗਰੀ ਦੀ ਲਾਗਤ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ 60:40 ਦੇ ਅਨੁਪਾਤ ਨਾਲ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਯੋਗ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਵੀ ਪ੍ਰਦਾਨ ਕਰਦੀ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਨਰੇਗਾ ਦੇ ਸਾਰੇ ਵੈਧ ਜਾਬ ਕਾਰਡ ਧਾਰਕ ਆਪਣੇ-ਆਪ ਨਵੀਂ ਸਕੀਮ ਦੇ ਦਾਇਰੇ ਵਿੱਚ ਆ ਜਾਣਗੇ। ਇਸ ਦੇ ਨਾਲ ਹੀ ਨਵੇਂ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਲਈ 20 ਜੁਲਾਈ ਤੋਂ ਸੂਬੇ ਦੀ ਹਰ ਗ੍ਰਾਮ ਪੰਚਾਇਤ ਵਿੱਚ ਜਾਬ ਕਾਰਡ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਲਾਭਪਾਤਰੀਆਂ ਦੇ ਵੇਰਵਿਆਂ ਨੂੰ ਵੀ ਅਪਡੇਟ ਕੀਤਾ ਜਾਵੇਗਾ ਅਤੇ ਯੋਗ ਕਾਮਿਆਂ ਨੂੰ ਅਗਲੇ ਹੀ ਦਿਨ ਤੋਂ ਕੰਮ ਉਪਲਬਧ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਗ੍ਰਾਮ ਸਭਾਵਾਂ ਰਾਹੀਂ ਨਵੇਂ ਵਿਕਾਸ ਕਾਰਜਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਸਾਰੀਆਂ ਗ੍ਰਾਮ ਪੰਚਾਇਤਾਂ ਵਿੱਚ ਮਸਟਰ ਰੋਲ ਜਾਰੀ ਕੀਤੇ ਜਾ ਰਹੇ ਹਨ। ਕਾਮਿਆਂ ਦੀ ਹਾਜ਼ਰੀ ਸਮਰਪਿਤ ਡਿਜ਼ੀਟਲ ਸਾਫਟਵੇਅਰ ਰਾਹੀਂ ਦਰਜ ਕੀਤੀ ਜਾਵੇਗੀ ਤਾਂ ਜੋ ਪੂਰੀ ਪ੍ਰਕਿਰਿਆ ਪਾਰਦਰਸ਼ੀ ਬਣੀ ਰਹੇ।
ਮੰਤਰੀ ਨੇ ਕਿਹਾ ਕਿ ਸਕੀਮ ਦੇ ਸੁਚਾਰੂ ਸੰਚਾਲਨ ਲਈ ਵਿਭਾਗ ਨੇ ਲਗਭਗ 4,000 ਕਰਮਚਾਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਨ੍ਹਾਂ ਨੂੰ ਲੋੜੀਂਦੀ ਸਿਖਲਾਈ ਵੀ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਜੂਨੀਅਰ ਇੰਜੀਨੀਅਰਾਂ ਨੂੰ ਤਕਨੀਕੀ ਸਹਾਇਕਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ।
ਕਰਮਚਾਰੀਆਂ ਦੀਆਂ ਮੰਗਾਂ ਬਾਰੇ ਗੱਲ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਵਿਸ਼ੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਸਕੀਮ ਤਹਿਤ ਕਰਮਚਾਰੀਆਂ ਨੂੰ ਮੌਜੂਦਾ ਤਨਖ਼ਾਹ ਨਾਲੋਂ ਕਰੀਬ 10 ਫ਼ੀਸਦੀ ਵਾਧਾ ਅਤੇ ਪਹਿਲਾਂ ਦੇ ਸਾਲਾਨਾ ਕਾਂਟ੍ਰੈਕਟ ਦੀ ਥਾਂ ਲੰਬੇ ਸਮੇਂ ਦੇ ਕਾਂਟ੍ਰੈਕਟ ਦਿੱਤੇ ਜਾਣਗੇ, ਜਿਸ ਨਾਲ ਨੌਕਰੀ ਦੀ ਸੁਰੱਖਿਆ ਅਤੇ ਸਥਿਰਤਾ ਵਧੇਗੀ।
ਮੰਤਰੀ ਨੇ ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਸਕੀਮ ਤਹਿਤ ਆਪਣੀਆਂ ਡਿਊਟੀਆਂ ਸੰਭਾਲਣ ਅਤੇ ਪੇਂਡੂ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀਬੀ ਜੀ ਰਾਮ ਜੀ ਸਕੀਮ ਤਹਿਤ ਤਨਖ਼ਾਹਾਂ ਲਈ 50 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਫੰਡਾਂ ਦੀ ਜਾਰੀ ਪ੍ਰਕਿਰਿਆ ਨਿਯਮਤ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH