ਅਗਲੇ ਮਹੀਨੇ ਤੋਂ ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਪਾਠਕ੍ਰਮ ਹੋਵੇਗਾ ਸ਼ੁਰੂ: ਹਰਜੋਤ ਸਿੰਘ ਬੈਂਸ
ਬਰਾਈਟ ਮਾਈਂਡਜ਼ ਪੰਜਾਬ 2026'' ਸਮਾਗਮ ਵਿੱਚ 95 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਲੁਧਿਆਣਾ, 02 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ ''ਬਰਾਈਟ ਮਾਈਂਡਜ਼
ਮੀਟਿੰਗ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ।


ਬਰਾਈਟ ਮਾਈਂਡਜ਼ ਪੰਜਾਬ 2026' ਸਮਾਗਮ ਵਿੱਚ 95 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਲੁਧਿਆਣਾ, 02 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ 'ਬਰਾਈਟ ਮਾਈਂਡਜ਼ ਪੰਜਾਬ 2026' ਤਹਿਤ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਕੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਸੁਧਾਰਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਾ ਸੀ।

ਇਸ ਮੌਕੇ 12ਵੀਂ ਜਮਾਤ ਵਿੱਚ 95 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਸਿਰਫ਼ ਆਪਣੇ ਪਰਿਵਾਰਾਂ ਦਾ ਹੀ ਨਹੀਂ, ਸਗੋਂ ਪੰਜਾਬ ਅਤੇ ਦੇਸ਼ ਦਾ ਵੀ ਮਾਣ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਇਹ ਹੋਣਹਾਰ ਵਿਦਿਆਰਥੀ ਭਵਿੱਖ ਵਿੱਚ ਆਈਏਐਸ, ਆਈਪੀਐਸ, ਡਾਕਟਰ, ਵਕੀਲ ਅਤੇ ਹੋਰ ਉੱਚ ਅਹੁਦਿਆਂ 'ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ।

ਬੈਂਸ ਨੇ ਦੱਸਿਆ ਕਿ ਪਹਿਲੀ ਵਾਰ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਕੇ ਪ੍ਰੀਖਿਆ ਪ੍ਰਣਾਲੀ, ਸਿਲੇਬਸ ਅਤੇ ਪੜ੍ਹਾਈ ਦੇ ਢੰਗਾਂ ਬਾਰੇ ਸੁਝਾਅ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਦਿੱਤੇ ਗਏ ਸੁਝਾਅ ਬਹੁਤ ਹੀ ਲਾਭਕਾਰੀ ਹਨ ਅਤੇ ਸਰਕਾਰ ਇਨ੍ਹਾਂ ਨੂੰ ਨੀਤੀ ਬਣਾਉਣ ਵਿੱਚ ਸ਼ਾਮਲ ਕਰਨ 'ਤੇ ਵਿਚਾਰ ਕਰੇਗੀ।

ਸਿੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫ਼ੀਸ਼ਲ ਇੰਟੈਲੀਜੈਂਸ (ਏ.ਆਈ.) ਦਾ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਏ.ਆਈ. ਦਾ ਹੈ ਅਤੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਕੇਰਲਾ ਨੂੰ ਪਿੱਛੇ ਛੱਡ ਕੇ ਦੇਸ਼ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਣਵੱਤਾ ਵਾਲੀ ਸਿੱਖਿਆ ਹਰ ਬੱਚੇ ਤੱਕ ਪਹੁੰਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਸਿੱਖਿਆ ਪ੍ਰਣਾਲੀ ਹੀ ਕਿਸੇ ਵੀ ਦੇਸ਼ ਦੀ ਤਰੱਕੀ ਦੀ ਨੀਂਹ ਹੁੰਦੀ ਹੈ। ਉਨ੍ਹਾਂ ਨੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ, ਨਕਲ ਰੋਕਣ ਅਤੇ ਸਿੱਖਣ-ਸਿਖਾਉਣ ਦੇ ਆਧੁਨਿਕ ਤਰੀਕੇ ਅਪਣਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਏ.ਆਈ. ਭਵਿੱਖ ਵਿੱਚ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ, ਇਸ ਲਈ ਵਿਦਿਆਰਥੀਆਂ ਨੂੰ ਇਸ ਖੇਤਰ ਲਈ ਤਿਆਰ ਕਰਨਾ ਬਹੁਤ ਜ਼ਰੂਰੀ ਹੈ।

ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਰਹਿਣ ਦਾ ਸੱਦਾ ਦਿੰਦਿਆਂ ਨਸ਼ਿਆਂ, ਬੇਰੁਜ਼ਗਾਰੀ ਅਤੇ ਸਿੱਖਿਆ ਪ੍ਰਣਾਲੀ ਦੀਆਂ ਕਮੀਆਂ ਵਿਰੁੱਧ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ ਦੀ ਪਾਲਣਾ ਕਰਨ, ਵਾਤਾਵਰਣ ਦੀ ਸੰਭਾਲ ਅਤੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣ ਦਾ ਸੰਕਲਪ ਵੀ ਦਿਵਾਇਆ।

ਸਮਾਗਮ ਵਿੱਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ ਡਾ. ਨਰਿੰਦਰ ਧਾਲੀਵਾਲ, ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਨੈਸ਼ਨਲ ਐਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande