ਲੁਧਿਆਣਾ ’ਚ ਆਧੁਨਿਕ ਸਨਾਤਨ ਭਵਨ ਦਾ ਅਮਨ ਅਰੋੜਾ, ਮੁੰਡੀਆਂ ਤੇ ਮਨੀਸ਼ ਸਿਸੋਦੀਆ ਨੇ ਰੱਖਿਆ ਨੀਂਹ ਪੱਥਰ
ਲੁਧਿਆਣਾ, 02 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਲੁਧਿਆਣਾ ਉੱਤਰੀ ਹਲਕੇ ਨੂੰ ਵੱਡਾ ਤੋਹਫਾ ਦਿੰਦਿਆਂ ਛਾਉਣੀ ਮੁਹੱਲਾ ਵਿੱਚ ਕਰੀਬ 1.30 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਨਾਤਨ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰੋਜੈਕਟ ਦਾ ਭੂਮੀ ਪੂਜਨ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾ
ਨੀਂਹ ਪੱਥਰ ਰੱਖਦੇ ਹੋਏ ਅਮਨ ਅਰੋੜਾ, ਹਰਦੀਪ ਮੁੰਡੀਆਂ, ਮਨੀਸ਼ ਸਿਸੋਦੀਆ  ਤੇ ਹੋਰ।


ਲੁਧਿਆਣਾ, 02 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਲੁਧਿਆਣਾ ਉੱਤਰੀ ਹਲਕੇ ਨੂੰ ਵੱਡਾ ਤੋਹਫਾ ਦਿੰਦਿਆਂ ਛਾਉਣੀ ਮੁਹੱਲਾ ਵਿੱਚ ਕਰੀਬ 1.30 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਨਾਤਨ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰੋਜੈਕਟ ਦਾ ਭੂਮੀ ਪੂਜਨ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸੰਤ ਸਮਾਜ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮੇਅਰ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਕਰੀਬ 10,500 ਵਰਗ ਫੁੱਟ ਖੇਤਰਫਲ ਵਾਲੇ ਇਸ ਪ੍ਰੋਜੈਕਟ ਤਹਿਤ ਲਗਭਗ 6,600 ਵਰਗ ਫੁੱਟ ਵਿੱਚ ਆਧੁਨਿਕ ਸਨਾਤਨ ਭਵਨ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਭਵਨ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਭਾਈਚਾਰਕ ਗਤੀਵਿਧੀਆਂ ਦਾ ਮਹੱਤਵਪੂਰਨ ਕੇਂਦਰ ਬਣੇਗਾ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਨਾਤਨ ਭਵਨ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਮਹੱਤਵਪੂਰਨ ਵਿਰਾਸਤ ਸਾਬਤ ਹੋਵੇਗਾ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਨਾਤਨ ਭਵਨ ਦਾ ਨਿਰਮਾਣ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਨਾਤਨ ਭਵਨ ਹਰ ਵਰਗ ਲਈ ਖੁੱਲ੍ਹਾ ਰਹੇਗਾ ਅਤੇ ਇੱਥੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਸਮਾਜਿਕ, ਸੱਭਿਆਚਾਰਕ ਅਤੇ ਲੋਕ ਭਲਾਈ ਨਾਲ ਸਬੰਧਤ ਗਤੀਵਿਧੀਆਂ ਲਈ ਵੀ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ।

ਸਮਾਗਮ ਦੌਰਾਨ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਨਾਤਨ ਭਵਨ ਦੀ ਉਸਾਰੀ ਨਾਲ ਛਾਉਣੀ ਮੁਹੱਲਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਨਵੀਂ ਪਹਿਚਾਣ ਮਿਲੇਗੀ ਅਤੇ ਲੋਕਾਂ ਨੂੰ ਇੱਕ ਆਧੁਨਿਕ ਭਾਈਚਾਰਕ ਕੇਂਦਰ ਦੀ ਸਹੂਲਤ ਪ੍ਰਾਪਤ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande