ਸਿਹਤ ਵਿਭਾਗ ਵਿੱਚ 619 ਮਹਿਲਾ ਹੈਲਥ ਵਰਕਰਾਂ ਦੀ ਭਰਤੀ ਨੂੰ ਮਨਜ਼ੂਰੀ: ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 02 ਜੁਲਾਈ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਉਦਯੋਗ ਖੇਤਰ ਨੂੰ ਮਜ਼ਬੂਤ ਕਰਨ ਲਈ ਵੱਡਾ ਪ੍ਰਸ਼ਾਸਨਿਕ ਫ਼ੈਸਲਾ ਲੈਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 619 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ)
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ


ਚੰਡੀਗੜ੍ਹ, 02 ਜੁਲਾਈ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਉਦਯੋਗ ਖੇਤਰ ਨੂੰ ਮਜ਼ਬੂਤ ਕਰਨ ਲਈ ਵੱਡਾ ਪ੍ਰਸ਼ਾਸਨਿਕ ਫ਼ੈਸਲਾ ਲੈਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 619 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀ ਭਰਤੀ ਅਤੇ ਉਦਯੋਗ ਵਿਭਾਗ ਵਿੱਚ ਅਹਿਮ ਪ੍ਰਸ਼ਾਸਨਿਕ ਤੇ ਫੀਲਡ ਅਹੁਦਿਆਂ ਨੂੰ ਸੁਰਜੀਤ ਕਰਨ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ

ਵਿੱਤ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਦਾ ਮਕਸਦ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ, ਜਨਤਕ ਸੇਵਾਵਾਂ ਵਿੱਚ ਸਟਾਫ਼ ਦੀ ਕਮੀ ਨੂੰ ਦੂਰ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿੱਤੀ ਅਨੁਸ਼ਾਸਨ ਨੂੰ ਕਾਇਮ ਰੱਖਦਿਆਂ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜੀਆਂ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ 619 ਅਸਾਮੀਆਂ ਵਿੱਚੋਂ 220 ਅਸਾਮੀਆਂ ਇੱਕ ਸਾਲ ਤੋਂ ਘੱਟ ਸਮੇਂ ਤੋਂ ਖਾਲੀ ਹਨ, ਜਦਕਿ 346 ਅਸਾਮੀਆਂ ਤਰੱਕੀ ਕੋਟੇ ਤਹਿਤ ਟ੍ਰੇਂਡ ਦਾਈ ਕੇਡਰ ਦੇ ਯੋਗ ਕਰਮਚਾਰੀਆਂ ਲਈ ਰਾਖਵੀਆਂ ਗਈਆਂ ਹਨ। ਇਸ ਤੋਂ ਇਲਾਵਾ 53 ਅਜਿਹੀਆਂ ਅਸਾਮੀਆਂ, ਜੋ ਇੱਕ ਸਾਲ ਤੋਂ ਵੱਧ ਸਮੇਂ ਤੋਂ ਖਾਲੀ ਹੋਣ ਕਾਰਨ ਪਹਿਲਾਂ ਖ਼ਤਮ ਕਰ ਦਿੱਤੀਆਂ ਗਈਆਂ ਸਨ, ਨੂੰ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਮੁੜ ਸੁਰਜੀਤ ਕੀਤਾ ਜਾਵੇਗਾ।

ਚੀਮਾ ਨੇ ਦੱਸਿਆ ਕਿ ਨਿਯੁਕਤੀਆਂ 'ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ (ਪਹਿਲੀ ਸੋਧ) ਨਿਯਮ, 2025' ਅਨੁਸਾਰ ਲੈਵਲ-3 ਦੇ 21,700 ਤੋਂ 69,100 ਰੁਪਏ ਦੇ ਤਨਖਾਹ ਸਕੇਲ ਵਿੱਚ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਭਰਤੀ ਪ੍ਰਕਿਰਿਆ ਨੂੰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ ਇਹ ਭਰਤੀਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੀ ਬਜਾਏ ਸਿੱਧੇ ਤੌਰ 'ਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਰਾਹੀਂ ਕੀਤੀਆਂ ਜਾਣਗੀਆਂ। ਇਸ ਭਰਤੀ ਨਾਲ ਸਰਕਾਰ 'ਤੇ ਪ੍ਰੋਬੇਸ਼ਨ ਸਮੇਂ ਦੌਰਾਨ ਕਰੀਬ 16.12 ਕਰੋੜ ਰੁਪਏ ਦਾ ਸਾਲਾਨਾ ਵਾਧੂ ਵਿੱਤੀ ਬੋਝ ਪਵੇਗਾ।

ਉਦਯੋਗ ਵਿਭਾਗ ਬਾਰੇ ਵਿੱਤ ਮੰਤਰੀ ਨੇ ਦੱਸਿਆ ਕਿ ਸਾਲ 2020 ਦੇ ਪੁਨਰਗਠਨ ਦੌਰਾਨ 721 ਅਸਾਮੀਆਂ ਸਰੈਂਡਰ ਕੀਤੀਆਂ ਗਈਆਂ ਸਨ, ਜਿਸ ਨਾਲ ਵਿਭਾਗ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋਈ। ਹੁਣ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਵੱਧ ਤੋਂ ਵੱਧ 97 ਅਸਾਮੀਆਂ ਦੀ ਭਰਤੀ ਲਈ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਵਿਭਾਗ ਨੂੰ ਆਪਣੀ ਮੌਜੂਦਾ ਪ੍ਰਸ਼ਾਸਨਿਕ ਬਣਤਰ ਦੀ ਸਮੀਖਿਆ ਕਰਕੇ ਲੰਬੇ ਸਮੇਂ ਦੀ ਯੋਜਨਾਬੰਦੀ ਲਈ ਵਿਸਤ੍ਰਿਤ ਪੁਨਰਗਠਨ ਪ੍ਰਸਤਾਵ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਫ਼ੈਸਲੇ ਸੂਬੇ ਦੀ ਸਿਹਤ ਸੇਵਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ, ਉਦਯੋਗਿਕ ਪ੍ਰਸ਼ਾਸਨ ਵਿੱਚ ਕੁਸ਼ਲਤਾ ਲਿਆਉਣ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande