

ਪਟਿਆਲਾ, 02 ਜੁਲਾਈ (ਹਿੰ.ਸ.)| ਪਟਿਆਲਾ ਪੁਲਿਸ ਨੇ ਰਾਜਪੁਰਾ ਵਿੱਚ 26 ਜੂਨ ਨੂੰ ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਹੋਈ ਫਾਇਰਿੰਗ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਦੋ ਕਥਿਤ ਸ਼ੂਟਰਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ।ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਹ ਕਾਰਵਾਈ ਸੀ.ਆਈ.ਏ. ਪਟਿਆਲਾ, ਸੀ.ਆਈ.ਏ. ਸਮਾਣਾ ਅਤੇ ਸੀ.ਆਈ.ਏ. ਰਾਜਪੁਰਾ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਕੀਤੀ ਗਈ। ਪੁਲਿਸ ਅਨੁਸਾਰ ਦੋਵੇਂ ਸ਼ੂਟਰਾਂ ਨੂੰ ਪਿੱਛਾ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਇੱਕ ਆਰੋਪੀ ਨੂੰ ਗੋਲੀ ਲੱਗਣ ਤੋਂ ਬਾਅਦ ਦੋਵੇਂ ਨੂੰ ਕਾਬੂ ਕਰ ਲਿਆ ਗਿਆ।ਗ੍ਰਿਫ਼ਤਾਰ ਕੀਤੇ ਗਏ ਕਥਿਤ ਸ਼ੂਟਰਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਜਸਕਰਨ ਸਿੰਘ ਵਜੋਂ ਹੋਈ ਹੈ। ਦੋਵੇਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਹਮੀਰਾ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਗੈਂਗ ਨਾਲ ਜੁੜੇ ਤਿੰਨ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ 'ਤੇ ਹਮਲੇ ਲਈ ਹਥਿਆਰ ਅਤੇ ਲਾਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ ਦੇ ਦੋਸ਼ ਹਨ।ਐੱਸਐੱਸਪੀ ਮੁਤਾਬਕ 26 ਜੂਨ ਨੂੰ ਰਾਜਪੁਰਾ ਦੇ ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਘਟਨਾ ਤੋਂ ਬਾਅਦ ਗੈਂਗਸਟਰ ਗੋਲਡੀ ਢਿੱਲੋਂ ਨੇ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਅਨੁਸਾਰ ਉਸੇ ਪੋਸਟ ਵਿੱਚ ਰਾਜਪੁਰਾ ਦੀ ਵਿਧਾਇਕ ਅਤੇ ਉਨ੍ਹਾਂ ਦੇ ਪੁੱਤਰ ਨੂੰ ਵੀ ਧਮਕੀ ਦਿੱਤੀ ਗਈ ਸੀ।ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਗੋਲਡੀ ਢਿੱਲੋਂ ਨੈੱਟਵਰਕ ਲਈ ਵੱਡਾ ਝਟਕਾ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਅੱਠ ਮਹੀਨਿਆਂ ਵਿੱਚ ਪਟਿਆਲਾ ਪੁਲਿਸ ਇਸ ਗੈਂਗ ਦੇ 19 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਅਤੇ ਫਿਰੌਤੀ ਵਿਰੁੱਧ ਪੁਲਿਸ ਦੀ ਜ਼ੀਰੋ ਟਾਲਰੈਂਸ ਨੀਤੀ ਜਾਰੀ ਰਹੇਗੀ। ਮਾਮਲੇ ਦੀ ਅੱਗੇ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH