
ਚੰਡੀਗੜ੍ਹ, 02 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਦੁਬਾਰਾ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਪਾਲਿਸੀ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਬਜਾਏ ਦਿੱਲੀ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ ਅਤੇ ਇਸ ਨੀਤੀ ਦਾ ਮਕਸਦ ਵਿਕਾਸ ਨਹੀਂ, ਸਗੋਂ ਕਿਸਾਨਾਂ ਦੀਆਂ ਜ਼ਮੀਨਾਂ ਹਾਸਲ ਕਰਨਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਮੀਨ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਹੈ ਅਤੇ ਇਸ ਦੇ ਬਦਲੇ ਦਿੱਤੇ ਜਾਣ ਵਾਲੇ ਕਮਰਸ਼ੀਅਲ ਜਾਂ ਰਿਹਾਇਸ਼ੀ ਪਲਾਟ ਕਿਸਾਨਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਨਹੀਂ ਕਰ ਸਕਦੇ। ਉਨ੍ਹਾਂ ਸਵਾਲ ਕੀਤਾ ਕਿ ਕੀ ਸਿਰਫ਼ ਪਲਾਟਾਂ ਨਾਲ ਕਿਸਾਨਾਂ ਦੇ ਘਰ ਚੱਲ ਸਕਦੇ ਹਨ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਜਦੋਂ ਸਰਕਾਰ ਨੇ ਪਿਛਲੇ ਸਾਲ ਵੀ ਇਹ ਪਾਲਿਸੀ ਲਿਆਂਦੀ ਸੀ ਤਾਂ ਪੰਜਾਬ ਦੇ ਕਿਸਾਨਾਂ ਨੇ ਇਸ ਦਾ ਡਟ ਕੇ ਵਿਰੋਧ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਵਿਕਾਸ ਦੀ ਨੀਤੀ ਨਹੀਂ, ਸਗੋਂ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਹੈ।
ਉਨ੍ਹਾਂ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 2022 ਦੀਆਂ ਚੋਣਾਂ ਵਾਂਗ ਹੁਣ ਵੀ ਸਰਕਾਰ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਕਰਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਹੁਣ ਅਜਿਹੇ ਦਾਵਿਆਂ ਵਿੱਚ ਨਹੀਂ ਆਉਣਗੇ।
ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਦਿੱਲੀ ਦੇ ਆਗੂ ਪੰਜਾਬ ਦੀਆਂ ਨੀਤੀਆਂ ਤਿਆਰ ਕਰ ਰਹੇ ਹਨ ਅਤੇ ਉਨ੍ਹਾਂ ਦਾ ਧਿਆਨ ਸੂਬੇ ਦੇ ਸਰੋਤਾਂ 'ਤੇ ਕਬਜ਼ਾ ਕਰਨ ਵੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ 'ਤੇ ਸੰਘਰਸ਼ ਕਰੇਗੀ ਅਤੇ ਇਸ ਲੈਂਡ ਪੂਲਿੰਗ ਪਾਲਿਸੀ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਨਾ ਬਦਲਿਆ ਤਾਂ ਭਾਜਪਾ ਕਿਸਾਨਾਂ ਨਾਲ ਮਿਲ ਕੇ ਇਸ ਦਾ ਡਟ ਕੇ ਵਿਰੋਧ ਕਰੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH