ਸਕੂਲਾਂ ਰਾਹੀਂ ਨਸ਼ਾ ਮੁਕਤ ਪੰਜਾਬ ਦੀ ਨਵੀਂ ਮੁਹਿੰਮ, ਹਜ਼ਾਰਾਂ ਅਧਿਆਪਕ ਬਣੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਮੋਹਰੀ
ਚੰਡੀਗੜ੍ਹ, 02 ਜੁਲਾਈ (ਹਿੰ.ਸ.)| ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਪੰਜਾਬ ਦੇ ਸਰਕਾਰੀ ਸਕੂਲ ਮੁੜ ਖੁੱਲ੍ਹਣ ਨਾਲ ਹੀ ਸੂਬਾ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਆਪਣੀ ਮੁਹਿੰਮ ਨੂੰ ਨਵੀਂ ਰਫ਼ਤਾਰ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨ
ਜਾਗਰੂਕ ਕਰਦੇ ਹੋਏ ਮਾਹਿਰ।


ਚੰਡੀਗੜ੍ਹ, 02 ਜੁਲਾਈ (ਹਿੰ.ਸ.)|

ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਪੰਜਾਬ ਦੇ ਸਰਕਾਰੀ ਸਕੂਲ ਮੁੜ ਖੁੱਲ੍ਹਣ ਨਾਲ ਹੀ ਸੂਬਾ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਆਪਣੀ ਮੁਹਿੰਮ ਨੂੰ ਨਵੀਂ ਰਫ਼ਤਾਰ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਹਜ਼ਾਰਾਂ ਅਧਿਆਪਕ ਅਤੇ ਸਕੂਲ ਮੁਖੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਫੈਲਾਉਣ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਸਰਕਾਰ ਦਾ ਮੰਨਣਾ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਜਾਂ ਨਸ਼ਾ ਛੁਡਾਊ ਕੇਂਦਰਾਂ ਤੱਕ ਸੀਮਤ ਨਹੀਂ ਰਹਿ ਸਕਦੀ। ਇਸ ਲਈ ਹੁਣ ਸਕੂਲਾਂ ਨੂੰ ਵੀ ਇਸ ਮੁਹਿੰਮ ਦਾ ਕੇਂਦਰ ਬਣਾਇਆ ਗਿਆ ਹੈ, ਜਿੱਥੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ, ਤਣਾਅ ਨਾਲ ਨਜਿੱਠਣ ਦੇ ਤਰੀਕੇ ਅਤੇ ਸਹੀ ਫ਼ੈਸਲੇ ਲੈਣ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਸਕੂਲਾਂ ਵਿੱਚ ਗੁਮਨਾਮ ਸ਼ਿਕਾਇਤ ਪੇਟੀਆਂ ਵੀ ਲਗਾਈਆਂ ਗਈਆਂ ਹਨ, ਤਾਂ ਜੋ ਵਿਦਿਆਰਥੀ ਬਿਨਾਂ ਡਰ ਆਪਣੀਆਂ ਚਿੰਤਾਵਾਂ ਸਾਂਝੀਆਂ ਕਰ ਸਕਣ।

ਇਸ ਪਹਿਲ ਨੂੰ ਮਜ਼ਬੂਤ ਕਰਨ ਲਈ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਦੇ ਸਹਿਯੋਗ ਨਾਲ ਨੌਂ ਜ਼ਿਲ੍ਹਿਆਂ, ਖ਼ਾਸ ਕਰਕੇ ਸਰਹੱਦੀ ਖੇਤਰਾਂ ਦੇ 1,400 ਤੋਂ ਵੱਧ ਸਕੂਲ ਮੁਖੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੂੰ ਨਸ਼ਿਆਂ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ, ਵਿਦਿਆਰਥੀਆਂ ਨਾਲ ਹਮਦਰਦੀ ਭਰਿਆ ਸੰਵਾਦ ਅਤੇ ਮਾਨਸਿਕ ਸਿਹਤ ਸਬੰਧੀ ਮੁੱਦਿਆਂ ਨੂੰ ਸੰਭਾਲਣ ਬਾਰੇ ਤਿਆਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3,000 ਤੋਂ ਵੱਧ ਅਧਿਆਪਕਾਂ ਲਈ ਸਮਰੱਥਾ ਨਿਰਮਾਣ ਵਰਕਸ਼ਾਪਾਂ ਕਰਵਾਈਆਂ ਗਈਆਂ। ਸਿਖਲਾਈ ਤੋਂ ਬਾਅਦ 75 ਫ਼ੀਸਦੀ ਅਧਿਆਪਕਾਂ ਨੇ ਦੱਸਿਆ ਕਿ ਉਹ ਸਕੂਲਾਂ ਵਿੱਚ ਹੋਰ ਸਿਹਤਮੰਦ ਅਤੇ ਸਕਾਰਾਤਮਕ ਮਾਹੌਲ ਬਣਾਉਣ ਲਈ ਪ੍ਰੇਰਿਤ ਹੋਏ ਹਨ, ਜਦਕਿ 85 ਫ਼ੀਸਦੀ ਨੇ ਮੰਨਿਆ ਕਿ ਕਿਸ਼ੋਰਾਂ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਸਬੰਧ ਤਣਾਅ, ਹਾਣੀਆਂ ਦੇ ਦਬਾਅ ਅਤੇ ਭਾਵਨਾਤਮਕ ਚੁਣੌਤੀਆਂ ਨਾਲ ਜੁੜਿਆ ਹੋਇਆ ਹੈ। ਹੁਣ ਇਸ ਪ੍ਰੋਗਰਾਮ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਧਾਇਆ ਜਾ ਰਿਹਾ ਹੈ।

ਸਰਕਾਰ ਵੱਲੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਮਾਤ 6 ਤੋਂ 12 ਤੱਕ ਦੇ ਵਿਦਿਆਰਥੀਆਂ ਲਈ ਮਾਈਂਡਫੁਲਨੈੱਸ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ। ਹਰ ਰੋਜ਼ 30 ਮਿੰਟ ਦੇ ਸੈਸ਼ਨਾਂ ਵਿੱਚ ਸਾਹ ਲੈਣ ਦੀਆਂ ਕਸਰਤਾਂ, ਧਿਆਨ, ਸਕਾਰਾਤਮਕ ਸੋਚ ਅਤੇ ਸ਼ੁਕਰਗੁਜ਼ਾਰੀ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਮੋਹਾਲੀ ਦੇ 210 ਸਰਕਾਰੀ ਸਕੂਲਾਂ ਵਿੱਚ ਪਾਇਲਟ ਪ੍ਰਾਜੈਕਟ ਤਹਿਤ 83 ਫ਼ੀਸਦੀ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਹੁਣ ਤਣਾਅ ਨਾਲ ਪਹਿਲਾਂ ਨਾਲੋਂ ਬਿਹਤਰ ਢੰਗ ਨਾਲ ਨਜਿੱਠ ਰਹੇ ਹਨ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਬਚਾਇਆ ਗਿਆ ਹਰ ਬੱਚਾ ਇੱਕ ਸੁਰੱਖਿਅਤ ਪਰਿਵਾਰ ਅਤੇ ਮਜ਼ਬੂਤ ਸਮਾਜ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਕੇਵਲ ਨਸ਼ਿਆਂ ਦੇ ਨੁਕਸਾਨ ਬਾਰੇ ਚੇਤਾਵਨੀ ਦੇਣਾ ਨਹੀਂ, ਸਗੋਂ ਬੱਚਿਆਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਲੋੜੀਂਦੇ ਹੁਨਰ ਅਤੇ ਆਤਮ-ਵਿਸ਼ਵਾਸ ਨਾਲ ਲੈਸ ਕਰਨਾ ਵੀ ਹੈ।

ਇਸੇ ਕੜੀ ਵਿੱਚ ਪੰਜਾਬ ਨੇ ਜਮਾਤ 9 ਤੋਂ 12 ਦੇ ਵਿਦਿਆਰਥੀਆਂ ਲਈ ਦੇਸ਼ ਦਾ ਪਹਿਲਾ ਸਬੂਤ-ਆਧਾਰਿਤ ਰਾਜ ਪੱਧਰੀ ਨਸ਼ਾ ਵਿਰੋਧੀ ਪਾਠਕ੍ਰਮ ਵੀ ਸ਼ੁਰੂ ਕੀਤਾ ਹੈ। 3,658 ਸਕੂਲਾਂ ਦੇ ਕਰੀਬ 8 ਲੱਖ ਵਿਦਿਆਰਥੀ ਇਸ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੂੰ 6,500 ਤੋਂ ਵੱਧ ਸਿਖਲਾਈ ਪ੍ਰਾਪਤ ਅਧਿਆਪਕ ਪੜ੍ਹਾ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨਸ਼ਾ ਮੁਕਤ ਸਮਾਜ ਦੀ ਦਿਸ਼ਾ ਵਿੱਚ ਇੱਕ ਮਜ਼ਬੂਤ ਅਤੇ ਟਿਕਾਊ ਮਾਡਲ ਤਿਆਰ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande