
ਅੰਮ੍ਰਿਤਸਰ, 02 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 3 ਜੁਲਾਈ ਨੂੰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਰਣਜੀਤ ਐਵੀਨਿਊ ਸਥਿਤ ਦੁਸ਼ਹਿਰਾ ਗਰਾਊਂਡ (ਪਾਇਟੈਕਸ ਗਰਾਊਂਡ) ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਜਾਵੇਗਾ। ਸਮਾਗਮ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਕੀਤਾ ਜਾਵੇਗਾ ਅਤੇ ਸਮੂਹ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਾਰੇ ਪ੍ਰਬੰਧ ਗੁਰ-ਮਰਿਆਦਾ ਅਨੁਸਾਰ ਕੀਤੇ ਜਾਣ ਅਤੇ ਸੰਗਤਾਂ ਦੀ ਹਰ ਸਹੂਲਤ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਦੌਰਾਨ ਲੰਗਰ, ਪੀਣ ਵਾਲੇ ਪਾਣੀ, ਵਾਹਨਾਂ ਦੀ ਪਾਰਕਿੰਗ, ਜੋੜਿਆਂ ਦੀ ਸੰਭਾਲ, ਸੁਰੱਖਿਆ ਅਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਮਾਗਮ ਸਥਾਨ 'ਤੇ ਸਫ਼ਾਈ ਬਣਾਈ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਦੇ ਨਾਲ ਹੀ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਵੀ ਪ੍ਰਬੰਧਾਂ ਵਿੱਚ ਸਹਿਯੋਗ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 3 ਜੁਲਾਈ ਨੂੰ ਰਣਜੀਤ ਐਵੀਨਿਊ ਦੇ ਦੁਸ਼ਹਿਰਾ ਗਰਾਊਂਡ ਵਿਖੇ ਹੋਣ ਵਾਲੇ ਇਸ ਵਿਸ਼ੇਸ਼ ਕੀਰਤਨ ਦਰਬਾਰ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਜੀ ਦੀ ਇਲਾਹੀ ਬਾਣੀ ਦਾ ਸਰਵਣ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ ਢਿੱਲੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂ ਹਾਜ਼ਰ ਰਹੇ। ਇਸ ਮੌਕੇ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH